Sewerage ਦੀ ਸਮੱਸਿਆ ਤੋਂ ਦੁਖੀ ਕੌਂਸਲਰ ਤੇ ਪਤੀ ਵੱਲੋਂ ਧਰਨਾ
ਨਗਰ ਨਿਗਮ ਦਫ਼ਤਰ ਅੱਗੇ ਨਾਅਰੇਬਾਜ਼ੀ ; ਅਧਿਕਾਰੀਆਂ ’ਤੇ ਅਣਗੌਲਿਆਂ ਕਰਨ ਦਾ ਦੋਸ਼ ਲਾਇਆ
ਸ਼ਹਿਰ ਦੇ ਵਾਰਡ ਨੰਬਰ 7 ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸੀਵਰੇਜ ਦੀ ਗੰਭੀਰ ਸਮੱਸਿਆ ਦਾ ਹੱਲ ਨਾ ਹੋਣ ਤੋਂ ਪ੍ਰੇਸ਼ਾਨ ਕੌਂਸਲਰ ਰਵਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਰਵਿੰਦਰ ਮੋਨੂ ਖਿੰਡਾ ਨੇ ਨਗਰ ਨਿਗਮ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਨਿਗਮ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਲਗਾਤਾਰ ਕਥਿਤ ਅਣਦੇਖੀ ਤੋਂ ਪ੍ਰੇਸ਼ਾਨ ਹੋ ਕੇ ਦੋਵੇਂ ਆਗੂ ਨਗਰ ਨਿਗਮ ਦੇ ਜ਼ੋਨ ਡੀ ਸਥਿਤ ਕਮਿਸ਼ਨਰ ਦਫ਼ਤਰ ਅੱਗੇ ਧਰਨੇ ’ਤੇ ਬੈਠ ਗਏ ਅਤੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰਵਿੰਦਰ ਮੋਨੂ ਖਿੰਡਾ ਨੇ ਨਿਗਮ ਅਧਿਕਾਰੀਆਂ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਵਾਰਡ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਸੀਵਰੇਜ ਜਾਮ ਹੋਣ ਕਰ ਕੇ ਇਲਾਕਾ ਵਾਸੀ ਪ੍ਰੇਸ਼ਾਨ ਹਨ।
ਉਨ੍ਹਾਂ ਕਿਹਾ ਕਿ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਨਿਗਮ ਦੇ ਅਧਿਕਾਰੀ ਜਾਣ-ਬੁੱਝ ਕੇ ਇਸ ਸਮੱਸਿਆ ਦਾ ਹੱਲ ਨਹੀਂ ਕਰ ਰਹੇ। ਅਧਿਕਾਰੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਪਰਿਵਾਰ ਸਮੇਤ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਾਉਣਾ ਪਿਆ। ਹਾਲਾਂਕਿ, ਸ਼ੁਰੂ ਵਿੱਚ ਲਗਪਗ 2 ਘੰਟੇ ਤੱਕ ਕਿਸੇ ਵੀ ਉੱਚ ਅਧਿਕਾਰੀ ਨੇ ਧਰਨੇ ’ਤੇ ਬੈਠੇ ਪਰਿਵਾਰ ਦੀ ਸਾਰ ਨਹੀਂ ਲਈ। ਮਾਹੌਲ ਗਰਮਾਉਂਦਾ ਦੇਖ ਕੇ ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ ਖ਼ੁਦ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਰਵਿੰਦਰ ਮੋਨੂ ਖਿੰਡਾ ਅਤੇ ਉਨ੍ਹਾਂ ਦੀ ਪਤਨੀ ਨੂੰ ਸਮਝਾਉਣ ਦੇ ਯਤਨ ਕੀਤੇ।
ਹਾਲਾਂਕਿ, ਖਿੰਡਾ ਆਪਣੀਆਂ ਮੰਗਾਂ ’ਤੇ ਅੜੇ ਰਹੇ ਅਤੇ ਉਨ੍ਹਾਂ ਸਮੱਸਿਆ ਦਾ ਪੱਕਾ ਹੱਲ ਹੋਣ ਤੱਕ ਧਰਨਾ ਚੁੱਕਣ ਤੋਂ ਸਾਫ਼ ਇਨਕਾਰ ਕਰ ਦਿੱਤਾ।

