ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਜੁਲਾਈ
ਕਾਂਗਰਸ ਪਾਰਟੀ ਨੂੰ ਝਟਕਾ ਦਿੰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦਲਜੀਤ ਸਿੰਘ ਭੋਲਾ ਗਰੇਵਾਲ ਸਾਥੀਆਂ ਸਣੇ ਅੱਜ ਮੁੜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਦਲਜੀਤ ਗਰੇਵਾਲ ਦੇ ਵੱਲੋਂ ‘ਆਪ’ ’ਚ ਸ਼ਾਮਲ ਹੋਣ ਮਗਰੋਂ ਸਨਅਤੀ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ। ਗਰੇਵਾਲ ਨੂੰ ਪਾਰਟੀ ’ਚ ਸ਼ਾਮਲ ਕਰਨ ਵੇਲੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਸਮੇਤ ਹੋਰ ਕਈ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਰਸਮੀ ਤੌਰ ’ਤੇ ਗਰੇਵਾਲ ਦਾ ਪਾਰਟੀ ’ਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਭੋਲਾ ਗਰੇਵਾਲ ਕਾਫ਼ੀ ਸਮਾਂ ਲੁਧਿਆਣਾ ਨਗਰ ਨਿਗਮ ਦੇ ਕੌਂਸਲਰ ਰਹੇ ਹਨ ਤੇ ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ ਗਰੇਵਾਲ ਮੌਜੂਦਾ ਕੌਂਸਲਰ ਹੈ। ਇਸ ਤੋਂ ਪਹਿਲਾਂ ਉਹ ‘ਆਪ’ ’ਚ ਸ਼ਾਮਲ ਹੋਏ ਸਨ, ਪਰ ਕਾਂਗਰਸ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਉਹ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਪੰਜਾਬ ਤੇ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਉਨ੍ਹਾਂ ਮੁੜ ਤੋਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਸਮੇਂ ਆਮ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ ਤੇ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਮਿਲੇਗਾ। ਇਸ ਤੋਂ ਪਹਿਲਾਂ ਪੰਜਾਬ ’ਚ 2017 ਦੀਆਂ ਵਿਧਾਨ ਸਭਾ ਚੋਣਾਂ ਦਲਜੀਤ ਭੋਲਾ ਤੇ ਸੰਜੇ ਤਲਵਾੜ ਨੇ ਇੱਕ ਦੂਸਰੇ ਦੇ ਖਿਲਾਫ਼ ਲੜੀਆਂ ਸਨ। ਗਰੇਵਾਲ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ’ਚ ਵੀ ਰਹਿ ਚੁੱਕੇ ਹਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਾਲ ਵੀ ਕੰਮ ਕਰ ਚੁੱਕੇ ਹਨ।