ਗਗਨਦੀਪ ਅਰੋੜਾ
ਲੁਧਿਆਣਾ, 14 ਜੁਲਾਈ
ਸਨਅਤੀ ਸ਼ਹਿਰ ਦੇ ਕੰਟੇਨਮੈਂਟ ਜ਼ੋਨਾਂ ਦਾ ਦੌਰਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਤੇ ਪੁਲੀਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਆਪਣੇ ਅਧਿਕਾਰੀਆਂ ਕਈ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨਾ ਸਿਰਫ ਵਸਨੀਕਾਂ ਨਾਲ ਗੱਲਬਾਤ ਕੀਤੀ ਸਗੋਂ ਉਨ੍ਹਾਂ ਨੂੰ ਮਾਸਕ ਵੀ ਵੰਡੇ। ਇਸ ਦੌਰੇ ਦਾ ਮੁੱਖ ਟੀਚਾ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਵਿੱਚ ਰਹਿ ਰਹੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਪਤਾ ਲਗਾਉਣਾ ਅਤੇ ਉਸ ਦਾ ਹੱਲ ਕਰਨਾ ਸੀ। ਉਨ੍ਹਾਂ ਨਾਲ ਇਸ ਮੌਕੇ ਸਿਵਲ ਸਰਜਨ ਡਾ.ਰਾਜੇਸ ਕੁਮਾਰ ਬੱਗਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੁਲੀਸ ਦੀਪਕ ਪਾਰੀਕ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕੰਟੇਨਮੈਂਟ ਜ਼ੋਨ ਅਤੇ ਮਾਈਕਰੋ ਕੰਟੋਨਮੈਂਟ ਜ਼ੋਨ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਲੈਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਕਿਉਂਕਿ ਇਹ ਉਨ੍ਹਾਂ ਦੀ ਆਪਣੀ ਸੁਰੱਖਿਆ ਲਈ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਮੂਨੇ ਬਿਲਕੁਲ ਮੁਫ਼ਤ ਇਕੱਠੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ ਇੱਕ ਕੰਟੇਨਮੈਂਟ ਅਤੇ ਪੰਜ ਮਾਈਕਰੋ ਕੰਟੇਨਮੈਂਟ ਜ਼ੋਨ ਹਨ। ਉਨ੍ਹਾਂ ਵਸਨੀਕਾਂ ਨੂੰ ਹਮੇਸ਼ਾ ਮਾਸਕ ਪਹਿਨਣ, ਸਰੀਰਕ ਦੂਰੀ ਬਣਾਈ ਰੱਖਣ ਅਤੇ ਹੱਥਾਂ ਦੀ ਸਫਾਈ ਬਣਾਈ ਰੱਖਣ ਦੀ ਅਪੀਲ ਕੀਤੀ। ਪੁਲੀਸ ਕਮਿਸ਼ਨਰ ਰਾਕੇਸ ਕੁਮਾਰ ਅਗਰਵਾਲ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।