ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਅਪਰੈਲ
ਕੋਵਿਡ ਟੀਕਾਕਰਨ ਮੁਹਿੰਮ ਵਿੱਚ ਲੁਧਿਆਣਾ ਵਾਸੀਆਂ ਦੇ ਪੱਛੜ ਜਾਣ ’ਤੇ ਚਿੰਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਸੱਚਮੁੱਚ ਇੱਕ ਗੰਭੀਰ ਮਾਮਲਾ ਹੈ ਅਤੇ ਇਹ ਦਰਸਾਉਂਦਾ ਹੈ ਕਿ ਅਸੀਂ ਸਾਰੇ ਕੋਵਿਡ ਵਿਰੁੱਧ ਲੜਾਈ ਵਿੱਚ ਆਪਣਾ ਬਣਦਾ ਯੋਗਦਾਨ ਨਹੀਂ ਪਾ ਰਹੇ। ਡੀਸੀ ਨੇ ਇਸ ਸਬੰਧੀ ਫੇਸਬੁੱਕ ’ਤੇ ਲਾਈਵ ਹੋ ਕੇ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 1221 ਵਸਨੀਕ ਹੁਣ ਤੱਕ ਵਾਇਰਸ ਸਦਕਾ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਇਸ ਦੇ ਬਾਵਜੂਦ ਲੋਕ ਟੀਕੇ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੇ ਜੋ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਅਸੀਂ ਟੀਕਾਕਰਨ ਮੁਹਿੰਮ ਦਾ ਪੂਰੇ ਦਿਲ ਨਾਲ ਸਮਰਥਨ ਨਹੀਂ ਕਰਾਂਗੇ, ਤਾਂ ਅਸੀਂ ਮਹਾਂਮਾਰੀ ਦੀਆਂ ਹੋਰ ਬਹੁਤ ਸਾਰੀਆਂ ਲਹਿਰਾਂ ਦਾ ਸਾਹਮਣਾ ਕਰਨਾ ਜਾਰੀ ਰੱਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇ ਜ਼ਿਲ੍ਹੇ ਦੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਸਨੀਕ ਟੀਕਾ ਲਗਵਾ ਲੈਂਦੇ ਹਨ, ਤਾਂ ਇਹ ਪੱਕਾ ਯਕੀਨ ਹੈ ਕਿ ਸਾਨੂੰ ਇਕ ਹੋਰ ਲਹਿਰ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਸਭ ਕੁਝ ਪਹਿਲਾਂ ਵਾਂਗ ਆਮ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟੀਕਾਕਰਨ ਮੁਹਿੰਮ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 0ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਅਤੇ ਅੱਗੇ ਆ ਕੇ ਵੈਕਸੀਨੇਸ਼ਨ ਕਰਾਉਣੀ ਚਾਹੀਦੀ ਹੈ ਜੋ ਇਸ ਬਿਮਾਰੀ ਤੋਂ ਬਚਾਅ ਲਈ ਯਕੀਨੀ ਬਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਟੀਕਾਕਰਨ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਚਲਾਇਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਨਿੱਜੀ ਹਸਪਤਾਲਾਂ ਵਿੱਚ ਇਸ ਦੀ ਫੀਸ 250 ਰੁਪਏ ਪ੍ਰਤੀ ਟੀਕਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਕ ਵਾਰ ਫਿਰ ਕੋਵਿਡ ਮਾਮਲਿਆਂ ਵਿਚ ਭਾਰੀ ਵਾਧਾ ਹੋ ਰਿਹਾ ਹੈ, ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਅਵੇਸਲੇ ਨਹੀਂ ਹੋਣਾ ਚਾਹੀਦਾ ਅਤੇ ਮਹਾਂਮਾਰੀ ਨੂੰ ਰੋਕਣ ਲਈ ਸਰਕਾਰ ਅਤੇ ਸਿਹਤ ਵਿਭਾਗ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਲੁਕਰਨੀ ਚਾਹੀਦੀ ਹੈ।
ਉਨ੍ਹਾਂ ਜ਼ਿਕਰ ਕੀਤਾ ਕਿ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਪ੍ਰਤੀ ਕੁਝ ਲੋਕਾਂ ਦੇ ਲਾਪਰਵਾਹੀ ਵਾਲੇ ਰਵੱਈਏ ਵਿਚ ਵਾਧਾ ਹੋਇਆ ਹੈ ਅਤੇ ਲੋਕਾਂ ਨੂੰ ਭੀੜ ਵਿੱਚ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਕਣਕ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਹਨ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਅਨਾਜ ਦੀ ਖ਼ਰੀਦ ਦੇ ਨਾਲ-ਨਾਲ ਅਦਾਇਗੀ ਵੀ ਨਿਰਧਾਰਤ ਸਮੇਂ ਵਿੱਚ ਕੀਤੀ ਜਾਵੇਗੀ।
ਸ਼ਹਿਰ ’ਚ 6 ਮੌਤਾਂ, 482 ਨਵੇਂ ਮਾਮਲੇ
ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜ਼ਿਲ੍ਹੇ ਵਿੱਚ 450 ਤੋਂ 500 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਵੀਰਵਾਰ ਨੂੰ ਵੀ ਕਰੋਨਾਵਾਇਰਸ ਦੇ 542 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 482 ਮਰੀਜ਼ ਲੁਧਿਆਣਾ ਨਾਲ ਸਬੰਧਤ ਹਨ, ਜਦੋਂ ਕਿ60 ਕੇਸ ਹੋਰਨਾਂ ਜ਼ਿਲ੍ਹਿਆਂ ਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ’ਚ ਅੱਜ 9 ਕਰੋਨਾ ਮਰੀਜ਼ਾਂ ਦੀ ਜਾਨ ਚਲੀ ਗਈ ਹੈ, ਇਸ ’ਚੋਂ 6 ਲੁਧਿਆਣਾ ਨਾਲ ਸੰਬੰਧਤ ਹਨ। ਜ਼ਿਲ੍ਹੇ ’ਚ ਹੁਣ ਤੱਕ 1226 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਇਸ ਦੇ ਨਾਲ ਹੀ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ 40495 ਮਰੀਜ਼ ਹੋ ਗਏ ਹਨ, ਜਿਨ੍ਹਾਂ ਵਿੱਚੋਂ 35963 ਮਰੀਜ਼ ਸਿਹਤਯਾਬ ਹੋ ਗਏ ਹਨ। ਮੌਜੂਦਾ ਸਮੇਂ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ ਵੀ ਰੋਜ਼ਾਨਾ ਵੱਧ ਰਹੀ ਹੈ, ਹੁਣ ਲੁਧਿਆਣਾ 3756 ਮਰੀਜ਼ਾਂ ਵੱਖ ਵੱਖ ਹਸਪਤਾਲਾਂ ਤੇ ਘਰਾਂ ਵਿਚ ਇਲਾਜ ਚੱਲ ਰਿਹਾ ਹੈ।