DC Office Protest: ਕਿਸਾਨ 30 August ਤੋਂ ਡੀ ਸੀ ਦਫ਼ਤਰਾਂ ਅੱਗੇ ਪੱਕੇ ਧਰਨੇ ਲਾਉਣਗੇ
ਭਾਰਤੀ ਕਿਸਾਨ ਯੂਨੀਅਨ (ਏਕਤਾ)- ਉਗਰਾਹਾਂ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਨੇ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਬਾਰੇ ਸੰਘਰਸ਼ ਹੋਰ ਤਿੱਖਾ ਕਰਨ ਦੀ ਰਣਨੀਤੀ ਉਲੀਕੀ ਗਈ। ਪਿੰਡ ਫੱਲੇਵਾਲ ਦੇ ਗੁਰਦੁਆਰੇ ਵਿੱਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਹੋਈ...
ਭਾਰਤੀ ਕਿਸਾਨ ਯੂਨੀਅਨ (ਏਕਤਾ)- ਉਗਰਾਹਾਂ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਨੇ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਬਾਰੇ ਸੰਘਰਸ਼ ਹੋਰ ਤਿੱਖਾ ਕਰਨ ਦੀ ਰਣਨੀਤੀ ਉਲੀਕੀ ਗਈ। ਪਿੰਡ ਫੱਲੇਵਾਲ ਦੇ ਗੁਰਦੁਆਰੇ ਵਿੱਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਕੀਤੇ ਗਏ। ਜਥੇਬੰਦੀ ਦੇ ਆਗੂ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਮੰਗਾਂ ਮਨਵਾਉਣ ਲਈ 30 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿਨ-ਰਾਤ ਦੇ ਪੱਕੇ ਧਰਨੇ ਲਾਏ ਜਾਣਗੇ, ਜਿਸ ਦੀ ਪੂਰੀ ਵਿਉਂਤਬੰਦੀ ਕਰ ਲਈ ਗਈ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਸੰਘਰਸ਼ ਭਾਰਤ-ਅਮਰੀਕਾ ਵਪਾਰ ਸਮਝੌਤੇ, ਲੈਂਡ ਪੂਲਿੰਗ ਨੀਤੀ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕਾਂ ਅਤੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਵਰਗੇ ਅਹਿਮ ਮਸਲਿਆਂ ਨੂੰ ਲੈ ਕੇ ਵਿੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲੀਸ ਜ਼ਬਰ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਨ੍ਹਾਂ ਧਰਨਿਆਂ ਨੂੰ ਸਫ਼ਲ ਬਣਾਉਣ ਲਈ ਪਿੰਡ ਪੱਧਰ ਉੱਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੁਹਿੰਮ ਤਹਿਤ ਮੋਟਰਸਾਈਕਲ ਮਾਰਚ, ਜਾਗੋ ਅਤੇ ਢੋਲ ਮਾਰਚ ਰਾਹੀਂ ਲੋਕਾਂ ਨੂੰ ਸੰਘਰਸ਼ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਪੱਤਰਕਾਰ ਮਨਜਿੰਦਰਜੀਤ ਸਿੰਘ ਸਿੱਧੂ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਤੁਰੰਤ ਰੱਦ ਕਰਨ ਦੀ ਮੰਗ ਵੀ ਉਚੇਚੇ ਤੌਰ ਉੱਤੇ ਕੀਤੀ ਗਈ। ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਪੱਤਰਕਾਰਾਂ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਨੂੰ ਦਬਾਅ ਅਤੇ ਦਮਨ ਦੀ ਨੀਤੀ ਅਪਣਾਉਣ ਦੀ ਬਜਾਏ ਪੂਰੀ ਤਰ੍ਹਾਂ ਲੋਕਤੰਤਰੀ ਅਤੇ ਕਾਨੂੰਨੀ ਪਹੁੰਚ ਅਪਣਾਉਣੀ ਚਾਹੀਦੀ ਹੈ। ਇਸ ਮੌਕੇ ਮਨੋਹਰ ਸਿੰਘ ਕਲਾਹੜ, ਚਰਨਜੀਤ ਸਿੰਘ, ਬਲਵੰਤ ਸਿੰਘ ਘੁਡਾਣੀ, ਜਗਮੀਤ ਸਿੰਘ ਕਲਾਹੜ, ਯੁਵਰਾਜ ਸਿੰਘ ਘੁਡਾਣੀ, ਨਾਜ਼ਰ ਸਿੰਘ ਸਿਆੜ ਤੇ ਹੋਰ ਹਾਜ਼ਰ ਸਨ।

