ਲੈਂਡ ਪੂਲਿੰਗ ਨੀਤੀ ਵਿਰੁੱਧ ‘ਜ਼ਮੀਨ ਬਚਾਓ, ਕਿਸਾਨ ਬਚਾਓ’ ਯਾਤਰਾ ਕਰਨ ਦਾ ਫ਼ੈਸਲਾ
ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ “ਜ਼ਮੀਨ ਬਚਾਓ, ਕਿਸਾਨ ਬਚਾਓ” ਯਾਤਰਾ ਕੱਢਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਨੀਤੀ ਨੂੰ ਰੱਦ ਕਰਾਉਣ ਤੱਕ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਵਿੱਚ ਹੋਈ ਪਲੇਠੀ ਮੀਟਿੰਗ ਵਿੱਚ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਸੀਨੀਅਰ ਆਗੂ ਹਰਵਿੰਦਰ ਸਿੰਘ ਜੱਸੀ ਵੀ ਹਾਜ਼ਰ ਹੋਏ।
ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਿਆਂਦੀ ਗਈ ਕਿਸਾਨ-ਮਾਰੂ ਲੈਂਡ ਪੂਲਿੰਗ ਨੀਤੀ ਦਾ ਤਿੱਖਾ ਵਿਰੋਧ ਕਰਦਿਆਂ ਐਲਾਨ ਕੀਤਾ ਗਿਆ ਕਿ ਭਾਜਪਾ ਪੰਜਾਬ ਵੱਲੋਂ ਸੂਬਾ ਪੱਧਰ ’ਤੇ ‘ਜ਼ਮੀਨ ਬਚਾਓ, ਕਿਸਾਨ ਬਚਾਓ’ ਯਾਤਰਾ ਚਲਾਈ ਜਾਵੇਗੀ, ਜਿਸ ਦੀ ਅਗਵਾਈ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਕਰਨਗੇ। ਇਹ ਯਾਤਰਾ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਇਸ ਨੀਤੀ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ।
ਇਸ ਮੌਕੇ ਸਾਰੇ ਜ਼ਿਲ੍ਹਾ ਅਹੁਦੇਦਾਰ, ਮੰਡਲ ਪ੍ਰਧਾਨ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਆਗੂਆਂ ਨੇ ਇਕਸੁਰ ਹੋ ਕੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਅਤੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਭਾਜਪਾ ਆਗੂਆਂ ਕੇਵਲ ਸਿੰਘ ਢਿੱਲੋਂ, ਪਰਮਿੰਦਰ ਸਿੰਘ ਬਰਾੜ ਅਤੇ ਹਰਵਿੰਦਰ ਸਿੰਘ ਜੱਸੀ ਨੇ ਸਪੱਸ਼ਟ ਕੀਤਾ ਕਿ ਪਾਰਟੀ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਮੈਦਾਨ ਵਿੱਚ ਡਟ ਕੇ ਖੜੀ ਹੈ ਅਤੇ ਲੋਕਾਂ ਦੇ ਸਾਥ ਨਾਲ ਸਰਕਾਰ ਦੀ ਇਸ ਨੀਤੀ ਨੂੰ ਰੱਦ ਕਰਵਾ ਕੇ ਰਹੇਗੀ। ਗਗਨਦੀਪ ਸਿੰਘ ਸੰਨੀ ਕੈਂਥ ਨੇ ਆਏ ਆਗੂਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਭਾਜਪਾ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਦੇ ਹੱਕਾਂ ਨਾਲ ਖਿਲਵਾ਼ੜ ਨਹੀਂ ਹੋਣ ਦੇਵੇਗੀ।