ਨਿੱਜੀ ਪੱਤਰ ਪ੍ਰੇਰਕ
ਖੰਨਾ, 15 ਮਾਰਚ
ਇੱਥੋਂ ਦੇ ਮਾਰਕੀਟ ਕਮੇਟੀ ਦਫ਼ਤਰ ਵਿਚ ਕਿਸਾਨ-ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਦੇ ਮੈਬਰਾਂ ਦੀ ਇਕੱਤਰਤਾ ਰਾਜਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਫ਼ੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ 21 ਮਾਰਚ ਨੂੰ ਐਸਡੀਐਮ ਦਫ਼ਤਰ ਅੱਗੇ ਧਰਨੇ ਦੇ ਕੇ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਕੇਂਦਰ ਸਰਕਾਰ ਨੇ ਹਿੱਸਾ ਖ਼ਤਮ ਕਰ ਦਿੱਤਾ ਹੈ। ਇਸ ਕਾਰਨ ਪੰਜਾਬ ਤੇ ਹਰਿਆਣਾ ਨੂੰ ਇਸ ਦੀ ਭਾਰੀ ਕੀਮਤ ਅਦਾ ਕਰਨੀ ਪਵੇਗੀ। ਕੇਂਦਰ ਨੇ ਸਾਰਾ ਕੰਟਰੋਲ ਆਪਣੇ ਹੱਥਾਂ ਵਿਚ ਕਰ ਲਿਆ ਹੈ, ਜੋ ਨਿੰਦਣਯੋਗ ਹੈ। ਕਿਸਾਨਾਂ ਨੇ ਕਿਹਾ ਕਿ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ’ਤੇ ਕੇਸ ਦਰਜ ਕੀਤੇ ਗਏ ਸਨ, ਉਹ ਅਜੇ ਤੱਕ ਵਾਪਸ ਨਹੀਂ ਲਏ, ਲਖੀਮਪੁਰ ਖੀਰੀ ਦੇ ਮੁਲਜ਼ਮਾਂ ਨੂੰ ਸਜ਼ਾ ਦੇਣ ਦੀ ਥਾਂ ਜ਼ਮਾਨਤ ਦਿੱਤੀ ਗਈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ।
ਇਸ ਮੌਕੇ ਕਸ਼ਮੀਰਾ ਸਿੰਘ, ਅਮਰਜੀਤ ਸਿੰਘ, ਡਾ.ਚਰਨਜੀਤ ਸਿੰਘ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਰਾਜਕਮਲਵੀਰ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ, ਮਲਕੀਤ ਸਿੰਘ, ਦਵਿੰਦਰ ਸਿੰਘ, ਗੁਰਮੇਲ ਸਿੰਘ, ਸੁੱਖੀ ਰਤਨਪਾਲੋਂ, ਸਾਗਰ ਮੁਹੰਮਦ, ਨਿਰਮਲ ਸਿੰਘ ਆਦਿ ਹਾਜ਼ਰ ਸਨ।