ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਅਕਤੂਬਰ
ਇੱਥੇ ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਨੇ ਡੀਸੀ ਹਾਰਡਵੇਅਰ ਤੇ ਗੰਗਾ ਡੇਅਰੀ ਦੇ ਮਾਲਕਾਂ ਵੱਲੋਂ ਬਾਲ ਮਜ਼ਦੂਰ ਰਾਜੂ ਦੀ ਕੀਤੀ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੰਦਿਆਂ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਤਾਜਪੁਰ ਰੋਡ ਸਥਿਤ ਦਫ਼ਤਰ ਵਿੱਖੇ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਜੇ ਪੁਲੀਸ ਵੱਲੋਂ 10 ਦਿਨਾਂ ਦੋ ਅੰਦਰ ਅੰਦਰ ਝੂਠੇ ਪੁਲੀਸ ਕੇਸ ਰੱਦ ਕਰਨ ਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦੇਣ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡੇ ਪੱਧਰ ਉੱਤੇ ਲਾਮਬੰਦੀ ਕਰਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਯੂਨੀਅਨ ਪ੍ਰਧਾਨ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ), ਕਾਰਖਾਨਾ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ, ਲੋਕ ਏਕਤਾ ਸੰਗਠਨ, ਸੀਟੀਯੂ, ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ, ਇਨਕਲਾਬੀ ਨੌਜਵਾਨ-ਵਿਦਿਆਰਥੀ ਮੰਚ ਤੇ ਹੋਰ ਜੱਥੇਬੰਦੀਆਂ ਦੇ ਵਫਦ ਵੱਲੋਂ ਪੁਲੀਸ ਅਫ਼ਸਰਾਂ ਨੂੰ ਦਿੱਤੇ ਮੰਗ ਪੱਤਰ ਤੋਂ ਬਾਅਦ ਵੀ ਇਨਸਾਫ਼ ਦੇਣ ਲਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਸੰਘਰਸ਼ ਤੋਂ ਬਿਨਾਂ ਕੋਈ ਹੋੋਰ ਰਾਹ ਨਹੀਂ ਬਚਦਾ।