ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਜੁਲਾਈ
ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਕਈ ਮਹੀਨਿਆਂ ਤੋਂ ਬਾਅਦ ਸਿਰਫ਼ ਪੰਜ ਕਰੋਨਾ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ, ਜਿਸ ਨਾਲ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 87,190 ਹੋ ਗਈ ਹੈ। ਰਾਹਤ ਵਾਲੀ ਗੱਲ ਇਹ ਰਹੀ ਕਿ ਬੁੱਧਵਾਰ ਨੂੰ ਕਰੋਨਾ ਨਾਲ ਕਿਸੇ ਦੀ ਵੀ ਮੌਤ ਨਹੀਂ ਹੋਈ। ਇਸ ਸਬੰਧੀ ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਅੱਜ 5 ਕਰੋਨਾ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਆਏ 87190 ਕੇਸਾਂ ਵਿੱਚੋਂ 84,946 ਮਰੀਜ਼ ਸਿਹਤਯਾਬ ਹੋ ਗਏ ਹਨ ਤੇ ਮੌਜੂਦਾ ਸਮੇਂ ਵਿੱਚ 154 ਸਰਗਰਮ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਹੁਣ ਤੱਕ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦਾ ਅੰਕੜਾ 2,090 ’ਤੇ ਪਹੁੰਚ ਗਿਆ ਹੈ।
ਸੰਭਾਵਿਤ ਤੀਜੀ ਲਹਿਰ ਤੋਂ ਟੀਕਾਕਰਨ ਨਾਲ ਹੀ ਬਚਿਆ ਜਾ ਸਕਦੈ: ਡੀਸੀ
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕਿਹਾ ਕਿ ਸਿਰਫ ਟੀਕਾਕਰਨ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ, ਜਿਸ ਵਿੱਚ ਮਾਸਕ ਪਾਉਣਾ, ਸਰੀਰਕ ਦੂਰੀ ਬਣਾਈ ਰੱਖਣੀ ਅਤੇ ਹੱਥਾਂ ਦੀ ਚੰਗੀ ਤਰ੍ਹਾਂ ਸਫਾਈ ਲੋਕਾਂ ਨੂੰ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਾਏਗੀ। ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿਚ ਲੁਧਿਆਣਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਲੋਕ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਲਗਾਤਾਰ ਪਾਲਣਾ ਕਰਨ ਦੇ ਨਾਲ-ਨਾਲ ਵੈਕਸੀਨ ਵੀ ਲਗਵਾਉਂਦੇ ਹਨ ਤਾਂ ਸੰਭਾਵਿਤ ਤੀਜੀ ਲਹਿਰ ਦਾ ਉਨ੍ਹਾਂ ਦੇ ਜੀਵਨ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਬੇਸ਼ਕ ਕੋਵਿਡ ਪਾਜ਼ੇਟਿਵ ਕੇਸਾਂ ਵਿੱਚ ਭਾਰੀ ਗਿਰਾਵਟ ਆਈ ਹੈ, ਪਰ ਸਾਨੂੰ ਅਵੇਸਲੇ ਨਹੀਂ ਹੋਣਾ ਚਾਹੀਦਾ।