ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਜੂਨ
ਸਥਾਨਕ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਿੱਚ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਅੰਮ੍ਰਿਤਸਰ ਸਾਊਥ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ 300 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ ਕੀਤੀ। ਕਾਲਜ ਕੌਂਸਲ ਦੇ ਪ੍ਰਧਾਨ ਡਾ. ਐਸਪੀ ਸਿੰਘ, ਆਨਰੇਰੀ ਜਨਰਲ ਸਕੱਤਰ ਅਰਵਿੰਦਰ ਸਿੰਘ, ਗਜਿੰਦਰ ਸਿੰਘ, ਹਰਸ਼ਰਨ ਸਿੰਘ ਨਰੂਲਾ ਅਤੇ ਡਾ. ਅਰਵਿੰਦਰ ਸਿੰਘ ਭੱਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਡਾ. ਐਸਪੀ ਸਿੰਘ ਨੇ ਕਾਲਜ ਦੇ 100 ਸਾਲਾ ਇਤਿਹਾਸ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਦੇਸ਼-ਵਿਦੇਸ਼ ’ਚ ਚੰਗੇ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਰਹੇ ਹਨ।
ਡਾ. ਨਿੱਝਰ ਨੇ ਕਾਲਜ ਦੀਆਂ ਪ੍ਰਾਪਤੀਆਂ ’ਤੇ ਕਾਲਜ ਕੌਂਸਲ ਦੇ ਅਹੁਦੇਦਾਰਾਂ, ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਵਿੱਚ ਭਾਰਤੀ ਸਿੱਖਿਆ ਪ੍ਰਣਾਲੀ ਦਾ ਨਵੀਨੀਕਰਨ ਹੋ ਰਿਹਾ ਹੈ। ਭਾਰਤ ਵੱਲੋਂ ਯੂਜੀਸੀ ਤੇ ਏਆਈਸੀਟੀਈ ਵਰਗੇ ਸਿੱਖਿਅਕ ਅਦਾਰਿਆਂ ਨੇ ਹੁਨਰ ਸਿਖਲਾਈ ਪ੍ਰੋਗਰਾਮ ਉਲੀਕੇ ਹਨ ਤਾਂ ਜੋ ਸਿੱਖਿਆ ਨੂੰ ਕਿੱਤਾ ਮੁਖੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਰਫ਼ ਡਿਗਰੀ ਪ੍ਰਾਪਤ ਕਰਨਾ ਹੀ ਜ਼ਰੂਰੀ ਨਹੀਂ ਸਗੋਂ ਕਿਸੇ ਰੁਜ਼ਗਾਰ ਨੂੰ ਪ੍ਰਾਪਤ ਕਰਨ ਲਈ ਹੁਨਰ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ। ਆਨਰੇਰੀ ਜਨਰਲ ਸਕੱਤਰ ਅਰਵਿੰਦਰ ਸਿੰਘ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਅਰਦਾਸ ਕੀਤੀ।
ਇਸ ਮੌਕੇ ਜੀਜੀਐਨਆਈਐਮਟੀ ਦੇ ਡਾਇਰੈਕਟਰ ਪ੍ਰੋ. ਮਨਜੀਤ ਸਿੰਘ ਛਾਬੜਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੰਚ ਸੰਚਾਲਨ ਪ੍ਰੋ. ਜਤਿੰਦਰ ਕੌਰ ਤੇ ਡਾ. ਗੁਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ।