ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਜੂਨ
ਇੱਥੋਂ ਦੇ ਖਾਲਸਾ ਕਾਲਜ ਫਾਰ ਵਿਮੈੱਨ ਵਿੱਚ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡਿਪਲੋਮਾ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੀ ਪੜ੍ਹਾਈ ਪੂਰੀ ਕਰਨ ਵਾਲੀਆਂ 1300 ਵਿਦਿਆਰਥਣਾਂ ਨੂੰ ਡਿਗਰੀਆਂ ਦੀ ਵੰਡ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਪੀਏਯੂ ਦੇ ਸਾਬਕਾ ਡਾਇਰੈਕਟਰ ਖੋਜ ਵਿਭਾਗ ਡਾ. ਨਵਤੇਜ ਸਿੰਘ ਬੈਂਸ ਨੇ ਕੀਤੀ ਜਦਕਿ ਕਾਲਜ ਪ੍ਰਿੰਸੀਪਲ ਡਾ. ਮੁਕਤੀ ਗਿੱਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਸਮਾਗਮ ਦੇ ਆਰੰਭ ਵਿੱਚ ਪ੍ਰਿੰ. ਡਾ. ਗਿੱਲ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਅਕਾਦਮਿਕ, ਸੱਭਿਆਚਾਰਕ ਅਤੇ ਖੇਡ ਖੇਤਰ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕਾਲਜ ਦੀਆਂ 79 ਵਿਦਿਆਰਥਣਾਂ ਨੇ 2019-20 ਅਤੇ 2020-21 ਦੌਰਾਨ ’ਵਰਸਿਟੀ ਵਿੱਚੋਂ ਚੋਟੀ ਦੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਖਿਡਾਰੀਆਂ ਨੇ 37 ਸੋਨੇ, 31 ਚਾਂਦੀ ਅਤੇ 60 ਕਾਂਸੀ ਦੇ ਤਗ਼ਮੇ ਜਿੱਤੇ ਹਨ।
ਇਸੇ ਤਰ੍ਹਾਂ ਜ਼ੋਨਲ ਦੇ ਨਾਲ ਨਾਲ ਕਾਲਜ ਨੇ ਅੰਤਰ-ਜ਼ੋਨਲ ਯੁਵਕ ਮੇਲੇ ਵਿੱਚ ਓਵਰਆਲ ਟਰਾਫੀ ਵੀ ਆਪਣੇ ਨਾਮ ਕੀਤੀ। ਮੁੱਖ ਮਹਿਮਾਨ ਡਾ. ਬੈਂਸ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਸਰਵਪੱਖੀ ਵਿਕਾਸ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਇਸ ਗਿਆਨ ਨੂੰ ਹੋਰਨਾਂ ਨੂੰ ਵੀ ਵੰਡਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਤੋਂ ਇਲਾਵਾ ਹੋਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੋਸਟ ਗ੍ਰੈਜੂਏਟ, ਪੋਸਟ ਗ੍ਰੈਜੂਏਟ ਡਿਪਲੋਮੇ ਅਤੇ ਗ੍ਰੈਜੂਏਸ਼ਨ ਦੀ ਪੜ੍ਹਾਈ ਪੂਰੀ ਕਰਨ ਵਾਲੀਆਂ 1300 ਵਿਦਿਆਰਥਣਾਂ ਨੂੰ ਡਿਗਰੀ ਵੰਡੀਆਂ ਗਈਆਂ। ਇਨ੍ਹਾਂ ਤੋਂ ਇਲਾਵਾ 7 ਵਿਦਿਆਰਥਣਾਂ ਨੂੰ ਰੋਲ ਆਫ ਆਨਰ ਪ੍ਰਦਾਨ ਕੀਤੇ ਗਏ।