ਸਤਵਿੰਦਰ ਬਸਰਾ
ਲੁਧਿਆਣਾ, 5 ਮਈ
ਇੱਥੇ ਰਾਮਗੜ੍ਹੀਆ ਗਰਲਜ਼ ਕਾਲਜ ਵਿੱਚ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਿਰਕਤ ਕੀਤੀ। ਕਾਰਜਕਾਰੀ ਪ੍ਰਿੰਸੀਪਲ ਡਾ. ਰਾਜੇਸ਼ਵਰਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਨਿੱਘੀ ਜੀ ਆਇਆਂ ਆਖੀ। ਸਮਾਗਮ ਦੌਰਾਨ ਮੁੱਖ ਮਹਿਮਾਨ ਸ੍ਰੀ ਸੰਧਵਾ ਨੇ ਗਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੀਆਂ 940 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ। ਇਸ ਤੋਂ ਇਲਾਵਾ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਨੂੰ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਸ੍ਰੀ ਸੰਧਵਾ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਸਿੱਖਿਆ ਇਸ ਕਾਲਜ ਵਿੱਚੋਂ ਪ੍ਰਾਪਤ ਕੀਤੀ ਹੈ, ਉਸਨੂੰ ਆਪਣੇ ਦੇਸ਼ ਤੇ ਮਾਨਵਤਾ ਦੀ ਭਲਾਈ ਲਈ ਪ੍ਰਯੋਗ ਕਰਨ।
ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੋਧ ਸਿੰਘ ਨੇ ਕਿਹਾ ਕਿ ਵਿਦਿਆਰਥਣਾਂ ਨੇ ਸਖਤ ਮਿਹਨਤ ਕਰਕੇ ਡਿਗਰੀਆਂ ਪ੍ਰਾਪਤ ਕੀਤੀਆਂ ਹਨ। ਇਸ ਮੌਕੇ ਰਾਮਗੜ੍ਹੀਆ ਮਿਸਲ ਦੇ ਸੰਸਥਾਪਕ ਜੱਸਾ ਸਿੰਘ ਰਾਮਗੜ੍ਹੀਆ ਦੇ 299ਵੇਂ ਜਨਮ ਦਿਨ ਮੌਕੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਡਾ. ਨਿਰਮਲ ਜੌੜਾ, ਪ੍ਰੋ. ਗੁਰਭਜਨ ਗਿੱਲ, ਸਾਬਕਾ ਪ੍ਰਿੰਸੀਪਲ ਡਾ. ਨਰਿੰਦਰ ਕੌਰ ਸੰਧੂ, ਪ੍ਰੋ. ਜਸਬੀਰ ਕੌਰ ਪੁੰਨੀ, ਪ੍ਰੋ. ਮਨਜੀਤ ਕੌਰ ਸੇਠੀ, ਡਾ. ਸਵਰਨਜੀਤ ਕੌਰ ਗਰੇਵਾਲ, ਪ੍ਰਿੰ. ਡਾ. ਕਿਰਨਦੀਪ ਕੌਰ, ਪ੍ਰਿੰ. ਡਾ. ਮਨਜਿੰਦਰ ਕੌਰ, ਪਿ੍ਰੰ. ਡਾ. ਸੁਮਨ ਲਤਾ, ਮੁਕੇਸ਼ ਅਰੋੜਾ ਤੇ ਡਾ. ਸਤੀਸ਼ ਸ਼ਰਮਾ ਉਚੇਚੇ ਤੌਰ ’ਤੇ ਪਹੁੰਚੇ। ਸਮਾਗਮ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਾਇਰੈਕਟਰ ਯੂਥ ਵੈੱਲਫੇਅਰ ਵਿਭਾਗ ਤੋਂ ਡਾ. ਨਿਰਮਲ ਜੌੜਾ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਜਸਪਾਲ ਕੌਰ ਨੇ ਨਿਭਾਈ।