ਹੜ੍ਹ ਪੀੜਤ ਕਿਸਾਨਾਂ-ਮਜ਼ਦੂਰਾਂ ਤੇ ਛੋਟੇ ਦੁਕਾਨਦਾਰਾਂ ਲਈ ਮੁਆਵਜ਼ੇ ਦੀ ਮੰਗ
ਪੰਜਾਬ ਦੇ ਹੜ੍ਹ ਪੀੜਤ ਕਿਸਾਨ ਪਰਿਵਾਰਾਂ ਨੂੰ ਪ੍ਰਤੀ ਏਕੜ 70 ਹਜ਼ਾਰ ਰੁਪਏ ਅਤੇ ਪਸ਼ੂ ਧਨ ਦੇ ਨੁਕਸਾਨ ਲਈ ਇੱਕ ਲੱਖ ਰੁਪਏ ਅਤੇ ਮੌਤ ਦੇ ਮੂੰਹ ਜਾ ਪਏ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ੇ ਤੋਂ ਇਲਾਵਾ ਬਰਬਾਦ ਹੋਏ ਘਰਾਂ ਅਤੇ ਜ਼ਮੀਨ ਨੂੰ ਮੁੜ ਖੇਤੀ ਯੋਗ ਬਣਾਉਣ ਲਈ ਲੋੜੀਂਦੀ ਮਸ਼ੀਨਰੀ ਅਤੇ ਡੀਜ਼ਲ ਆਦਿ ਮੁਹੱਈਆ ਕਰਾਉਣ ਲਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਡਾਕਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਦੇ ਨਾਂ ਮੰਗ-ਪੱਤਰ ਸਥਾਨਕ ਐੱਸ.ਡੀ.ਐੱਮ ਰਾਹੀਂ ਭੇਜਿਆ ਗਿਆ। ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਨੂੰ ਵੀ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਕਿਸਾਨ ਆਗੂਆਂ ਨੇ ਮੰਗ ਪੱਤਰ ਰਾਹੀਂ ਇਹ ਵੀ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਇਮਾਨਦਾਰੀ ਨਾਲ ਨਿਸ਼ਾਨਦੇਹੀ ਕਰਨ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਫ਼ੌਰੀ ਹੁਕਮ ਦਿੱਤੇ ਜਾਣ। ਉਨ੍ਹਾਂ ਕਿਸਾਨਾਂ ਨੂੰ ਅਗਾਮੀ ਫ਼ਸਲ ਦੀ ਬਿਜਾਈ ਲਈ ਖਾਦ, ਬੀਜ ਅਤੇ ਡੀਜ਼ਲ ਆਦਿ ਮੁਫ਼ਤ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਉਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਕਿਸਾਨਾਂ-ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਮੁਆਫ਼ ਕਰਨ ਦੀ ਵੀ ਮੰਗ ਕੀਤੀ ਹੈ। ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ, ਅਜਮੇਰ ਸਿੰਘ, ਮਲਕੀਅਤ ਸਿੰਘ, ਮੋਹਨ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।