ਖੇਤਰੀ ਪ੍ਰਤੀਨਿਧ
ਲੁਧਿਆਣਾ , 3 ਸਤੰਬਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਪੜ੍ਹਦੇ ਐੱਸਸੀ ਕੈਟਾਗਰੀ ਨਾਲ ਸਬੰਧਤ ਵਿਦਿਆਰਥੀਆਂ ਦੀ ਸਰਕਾਰ ਵੱਲੋਂ ਕਥਿਤ ਤੌਰ ’ਤੇ ਯੂਨੀਵਰਸਿਟੀ ਨੂੰ ਸਕਾਲਰਸ਼ਿਪ ਰਾਸ਼ੀ ਨਾ ਭੇਜਣ ਕਰਕੇ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕੀਆਂ ਗਈਆਂ ਹਨ। ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਵਿਦਿਆਰਥੀਆਂ ਦੀਆਂ ਡਿਗਰੀਆਂ ਜਾਰੀ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਯੂਨੀਵਰਸਿਟੀ ਵਿੱਚ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਇਸ ਧਰਨੇ ਦੀ ਪੂਰੀ ਹਮਾਇਤ ਕਰ ਕੇ ਵਿਦਿਆਰਥੀਆਂ ਦੀਆਂ ਰੋਕੀਆਂ ਗਈਆਂ ਡਿਗਰੀਆਂ ਫੌਰੀ ਜਾਰੀ ਕਰਨ ਦੀ ਮੰਗ ਕਰ ਰਹੀ ਹੈ। ਪੀਐੱਸਯੂ (ਸ਼ਹੀਦ ਰੰਧਾਵਾ) ਜਥੇਬੰਦੀ ਦੇ ਆਗੂਆਂ ਹੁਸ਼ਿਆਰ ਸਲੇਮਗੜ੍ਹ ਤੇ ਅਮਿਤੋਜ ਮੌੜ ਨੇ ਕਿਹਾ ਕਿ ਅਨੁਸੂਚਿਤ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਬਣੀਆਂ ਭਲਾਈ ਸਕੀਮਾਂ ਲਗਾਤਾਰ ਸੁੰਘੜਦੀਆਂ ਜਾ ਰਹੀਆਂ ਹਨ।