ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਮੰਗ ਕੀਤੀ ਹੈ ਕਿ ਝੋਨੇ ਵਿੱਚ ਨਮੀ ਦੀ ਮਾਤਰਾ ਵਧਾ ਕੇ 24 ਫ਼ੀਸਦੀ ਕੀਤੀ ਜਾਵੇ ਅਤੇ ਬੇਮੌਸਮੀ ਬਰਸਾਤ ਕਾਰਨ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਘੱਟੋ ਘੱਟ 40 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ। ਅੱਜ ਇੱਥੇ ਜਥੇਬੰਦੀ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਬੇਮੌਸਮੀ ਬਰਸਾਤ ਹੋਣ ਨਾਲ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਚੁੱਕਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਖੜ੍ਹੀਆਂ ਫਸਲਾਂ ਜਿਨ੍ਹਾਂ ਦੀ ਵਾਢੀ ਚੱਲ ਰਹੀ ਹੈ ਦੇ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਜਾਵੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਝੋਨੇ ਦੀ ਖਰੀਦ ਵਿੱਚ ਨਮੀ ਦੀ ਮਿਆਰ 17 ਫ਼ੀਸਦੀ ਵਿੱਚ ਵਾਧਾ ਕਰਕੇ 24 ਫ਼ੀਸਦੀ ਕਰੇ ਤਾਂ ਜੁ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਦੌਰਾਨ ਹੋਈ ਗੜ੍ਹੇਮਾਰੀ ਨਾਲ ਕਿਸਾਨਾਂ ਦੀਆਂ ਖੇਤਾਂ ਵਿੱਚ ਖੜੀਆਂ ਫਸਲਾਂ ਪੂਰੀ ਤਰਾਂ ਬਰਬਾਦ ਹੋ ਗਈਆਂ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਬਰਬਾਦ ਹੋਈ ਫ਼ਸਲ ਦਾ 40 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ ਤਾਂ ਜੁ ਕਿਸਾਨਾਂ ਨੂੰ ਕੋਈ ਵੀ ਆਰਥਿਕ ਨੁਕਸਾਨ ਦਾ ਬੋਝ ਨਾ ਚੁੱਕਣਾ ਪਵੇ।