ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਅਗਸਤ
ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਨਾਮ ਮਹਾਨ ਯੋਧੇ, ਜਰਨੈਲ ਅਤੇ ਕਿਸਾਨਾਂ ਦੇ ਮੁਕਤੀ ਦਾਤਾ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ’ਤੇ ਰੱਖਿਆ ਜਾਵੇ। ਅੱਜ ਇੱਥੇ ਹੋਈ ਇਕ ਮੀਟਿੰਗ ਦੌਰਾਨ ਮੁੱਖ ਸਰਪ੍ਰਸਤ ਵਿਧਾਇਕ ਅਮਰੀਕ ਸਿੰਘ ਢਿੱਲੋਂ, ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਮਹਿਲਾ ਵਿੰਗ ਪ੍ਰਧਾਨ ਬਰਜਿੰਦਰ ਕੌਰ ਨੇ ਕਿਹਾ ਕਿ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕਰ ਰਹੀ ਹੈ ਪਰ ਕਿਸੇ ਵੀ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ ਜਦਕਿ ਬਾਬਾ ਬੰਦਾ ਸਿੰਘ ਬਹਾਦਰ ਜਰਨੈਲ ਯੋਧੇ ਹੋਏ ਹਨ, ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਲਿਆ ਸੀ।
ਇਸ ਮੌਕੇ ਬੀਬੀ ਇੰਦਰਜੀਤ ਕੌਰ, ਗੁਲਜਿੰਦਰ ਸਿੰਘ ਲੁਹਾਰਾ, ਦਰਸ਼ਨ ਸਿੰਘ ਲੋਟੇ, ਕੁਲਵਿੰਦਰ ਸਿੰਘ ਚਾਨੀ ਅਤੇ ਹਰਪ੍ਰੀਤ ਗਿੱਲ ਵੀ ਹਾਜ਼ਰ ਸਨ।