ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਅਗਸਤ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਆਗੂਆਂ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੋਂ ਮੰਗ ਕੀਤੀ ਕਿ ਪ੍ਰਾਇਮਰੀ ਕਾਡਰ ਤੋਂ ਵੱਖ-ਵੱਖ ਵਿਸ਼ਿਆਂ ਦੇ ਮਾਸਟਰ ਕਾਡਰ, ਈ.ਟੀ.ਟੀ./ਜੇ.ਬੀ.ਟੀ. ਅਧਿਆਪਕਾਂ ਤੋਂ ਹੈੱਡ ਟੀਚਰ, ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਤੋਂ ਬੀ.ਪੀ.ਈ.ਓ ਅਤੇ ਇਸੇ ਤਰ੍ਹਾਂ ਸੈਕੰਡਰੀ ਵਿਭਾਗ ਵਿੱਚ ਮਾਸਟਰ ਕਾਡਰ ਤੋਂ ਲੈਕਚਰਾਰ ਤੇ ਹੈੱਡਮਾਸਟਰ, ਲੈਕਚਰਾਰ ਤੋਂ ਪ੍ਰਿੰਸੀਪਲ ਅਤੇ ਹੋਰ ਕਾਡਰ ਦੀਆਂ ਬਣਦੀਆਂ ਵਿਭਾਗੀ ਪਦਉੱਨਤੀਆਂ ਤੁਰੰਤ ਕੀਤੀਆਂ ਜਾਣ। ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਬਲਕਾਰ ਵਲਟੋਹਾ, ਸਰਪ੍ਰਸਤ ਚਰਨ ਸਿੰਘ ਸਰਾਭਾ ਤੇ ਹੋਰਾਂ ਨੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਇਤਿਹਾਸ, ਰਾਜਨੀਤੀ ਸ਼ਾਸਤਰ, ਜਿਓਗ੍ਰਾਫੀ, ਅਰਥ ਸ਼ਾਸਤਰ ਅਤੇ ਹੋਰ ਵਿਸ਼ੇ ਦੇ ਲੈਕਚਰਾਰਾਂ ਦੀਆਂ ਖ਼ਤਮ ਕੀਤੀਆਂ ਅਸਾਮੀਆਂ ਬਹਾਲ ਕੀਤੇ ਜਾਣ ਦੀ ਮੰਗ ਕੀਤੀ ਹੈ। ਆਗੂਆਂ ਨੇ ਦੱਸਿਆ ਕਿ ਜੂਨ 2021 ਦੌਰਾਨ ਪਦਉੱਨਤ ਹੋਏ ਕਈ ਲੈਕਚਰਾਰਾਂ ਨੂੰ ਆਪਣੀ ਰਿਹਾਇਸ਼ ਤੋਂ ਸੈਂਕੜੇ ਕਿਲੋਮੀਟਰ ਦੂਰ ਸਟੇਸ਼ਨ ਚੋਣ ਦਾ ਮੌਕਾ ਮਿਲਿਆ। ਜਥੇਬੰਦੀ ਨੇ ਮੰਗ ਕੀਤੀ ਕਿ ਇਨ੍ਹਾਂ ਪਦਉੱਨਤ ਹੋਏ ਲੈਕਚਰਾਰਾਂ ਨੂੰ ਆਪਣੀ ਰਿਹਾਇਸ਼ ਦੇ ਨੇੜੇ ਸਟੇਸ਼ਨ ਚੋਣ ਕਰਨ ਦਾ ਮੌਕਾ ਦਿੱਤਾ ਜਾਵੇ।