ਲੁਧਿਆਣਾ: ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਖਦਸ਼ਾ ਪ੍ਰਗਟਾਇਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿੱਡ-ਡੇਅ ਮੀਲ ਸਕੀਮ ਅਧੀਨ ਦਿੱਤੇ ਜਾਂਦੇ ਦੁਪਹਿਰ ਦੇ ਖਾਣੇ ਨੂੰ ਪਕਾਉਣ ਲਈ ਵਿਭਾਗ ਵੱਲੋਂ ਕੁਕਿੰਗ ਕਾਸਟ ਅਤੇ ਮਿੱਡ-ਡੇਅ ਮੀਲ ਵਰਕਰਾਂ ਨੂੰ ਭੇਜਿਆ ਜਾਂਦਾ ਮਾਣਭੱਤਾ ਨਾ ਮਿਲਣ ਕਰਕੇ ਵਰਕਰ, ਅਧਿਆਪਕ ਅਤੇ ਸਕੂਲ ਮੁਖੀ ਪਿਛਲੇ ਤਿੰਨ ਮਹੀਨਿਆਂ ਤੋਂ ਦੁਕਾਨਦਾਰਾਂ ਤੋਂ ਉਧਾਰ ਲੈਣ ਲਈ ਮਜਬੂਰ ਹਨ। ਯੂਨੀਅਨ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਰਾਸ਼ੀ ਅਤੇ ਮਿੱਡ-ਡੇਅ ਮੀਲ ਵਰਕਰਾਂ ਦਾ ਬਣਦਾ ਮਾਣ ਭੱਤਾ ਨਾ ਭੇਜਿਆ ਗਿਆ ਤਾਂ ਅਧਿਆਪਕ ਇਸ ਸਕੀਮ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ। -ਖੇਤਰੀ ਪ੍ਰਤੀਨਿਧ