ਪੰਜਾਬ ਲਈ 20 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੀ ਮੰਗ
ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵੱਲੋਂ ਉਪਿੰਦਰਜੀਤ ਕੌਰ ਬਰਾੜ ਐੱਸ.ਡੀ.ਐੱਮ ਰਾਏਕੋਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਭੇਜੇ ਇੱਕ ਮੰਗ ਪੱਤਰ ਰਾਹੀਂ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨੂੰ ਕੌਮੀ ਆਫ਼ਤ ਐਲਾਨ ਕਰਨ ਅਤੇ ਲਈ ਘੱਟੋ-ਘੱਟ 20 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਸੀਟੂ ਆਗੂਆਂ ਨੇ ਮੰਗ-ਪੱਤਰ ਰਾਹੀਂ ਦੂਜੇ ਰਾਜਾਂ ਤੋਂ ਆ ਕੇ ਪੰਜਾਬ ਵਿੱਚ ਕੰਮ ਕਰਨ ਵਾਲੇ ਕਿਰਤੀ ਲੋਕਾਂ ਖ਼ਿਲਾਫ਼ ਫੈਲਾਈ ਜਾ ਰਹੀ ਨਫ਼ਰਤ ਅਤੇ ਬੇਕਸੂਰ ਕਿਰਤੀਆਂ ਨੂੰ ਉਜਾੜਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਨੱਥ ਪਾਉਣ ਦੀ ਮੰਗ ਵੀ ਕੀਤੀ ਹੈ। ਪੰਜਾਬ ਸੀਟੂ ਦੇ ਸੂਬਾਈ ਸਕੱਤਰ ਦਲਜੀਤ ਕੁਮਾਰ ਗੋਰਾ, ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਅਤੇ ਸੀਟੂ ਦੇ ਤਹਿਸੀਲ ਸਕੱਤਰ ਰਾਜਜਸਵੰਤ ਸਿੰਘ ਤਲਵੰਡੀ ਦੀ ਅਗਵਾਈ ਵਿੱਚ ਐੱਸ.ਡੀ.ਐੱਮ ਨੂੰ ਮੰਗ ਪੱਤਰ ਦੇਣ ਸਮੇਂ ਹੁਸ਼ਿਆਰਪੁਰ ਵਿੱਚ ਵਾਪਰੀ ਘਿਨੌਣੀ ਕਾਰਵਾਈ ਲਈ ਜ਼ਿੰਮੇਵਾਰ ਵਿਅਕਤੀ ਲਈ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਸੇ ਇਕ ਘਟਨਾ ਦੀ ਆੜ ਹੇਠ ਅੰਤਰਰਾਜੀ ਮਜ਼ਦੂਰਾਂ ਨੂੰ ਨਿਸ਼ਾਨਾਂ ਬਣਾਉਣ ਲਈ ਨਫ਼ਰਤ ਵਾਲਾ ਮਹੌਲ ਸਿਰਜਣ ਵਾਲੇ ਅਨਸਰਾਂ ਨੂੰ ਨੱਥ ਪਾਉਣ ਦੀ ਵੀ ਮੰਗ ਕੀਤੀ ਹੈ।
ਸੀਟੂ ਆਗੂਆਂ ਨੇ ਨਦੀਆਂ, ਨਾਲਿਆਂ, ਖਾਲ਼ਿਆਂ, ਬਰਸਾਤੀ ਬੰਨ੍ਹਾਂ ਨੂੰ ਸਮੇਂ ਸਿਰ ਮਜ਼ਬੂਤ ਨਾ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਪਾਣੀ ਦੇ ਇਨ੍ਹਾਂ ਚੈਨਲਾਂ ਉਪਰ ਨਜਾਇਜ਼ ਕਬਜ਼ੇ ਕਰਨ ਵਾਲੇ ਰਸੂਖ਼ਦਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ। ਮਜ਼ਦੂਰ ਆਗੂਆਂ ਨੇ ਪੰਜਾਬ ਸਰਕਾਰ ਕੋਲ 12 ਹਜ਼ਾਰ ਕਰੋੜ ਰੁਪਏ ਦੀ ਰਾਖਵੀਂ ਰਾਸ਼ੀ ਨੂੰ ਸੂਬਾ ਸਰਕਾਰ ਵੱਲੋਂ ਇੱਧਰ-ਉੱਧਰ ਕਰਨ ਦੇ ਮਾਮਲੇ ਬਾਰੇ ਲੋਕਾਂ ਨੂੰ ਸਪਸ਼ਟੀਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਹੜ੍ਹਾਂ ਕਾਰਨ ਜਾਨ ਗਵਾਉਣ ਵਾਲੇ ਦਰਜਨਾਂ ਵਿਅਕਤੀਆਂ ਦੇ ਵਾਰਸਾਂ ਨੂੰ ਉਚਿੱਤ ਮੁਆਵਜ਼ਾ ਦੇਣ ਸਮੇਤ ਹੜ੍ਹਾਂ ਵਿੱਚ ਰੁੜ੍ਹ ਗਏ ਪਸ਼ੂ-ਧਨ ਅਤੇ ਨੁਕਸਾਨੇ ਗਏ ਘਰਾਂ ਅਤੇ ਹੋਰ ਜਾਇਦਾਦਾਂ ਦੇ ਨੁਕਸਾਨ ਦੀ ਭਰਪੂਤਰੀ ਦੀ ਵੀ ਮੰਗ ਕੀਤੀ ਹੈ। ਵਫ਼ਦ ਵਿੱਚ ਹੋਰਨਾਂ ਤੋਂ ਇਲਾਵਾ ਰੁਲਦਾ ਸਿੰਘ ਗੋਬਿੰਦਗੜ੍ਹ, ਪ੍ਰਿਤਪਾਲ ਸਿੰਘ ਬਿੱਟਾ, ਬਹਾਦਰ ਸਿੰਘ ਨੂਰਪੁਰਾ, ਕਰਮ ਚੰਦ ਬੁਰਜ ਹਕੀਮਾਂ, ਗੁਰਦੀਪ ਸਿੰਘ, ਚਮਕੌਰ ਸਿੰਘ ਨੂਰਪੁਰਾ ਅਤੇ ਗੁਰਦੀਪ ਸਿੰਘ ਜੌਹਲਾਂ ਵੀ ਸ਼ਾਮਲ ਸਨ।