ਜੋਗਿੰਦਰ ਸਿੰਘ ਓਬਰਾਏ
ਖੰਨਾ, 2 ਜੂਨ
ਅੱਜ ਇਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੇ ਮੈਂਬਰਾਂ ਦੀ ਇੱਕਤਰਤਾ ਭੁਪਿੰਦਰ ਸਿੰਘ ਹਰਿਓ ਕਲਾਂ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਮਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ਲਾਘਾ ਕਰਦਿਆਂ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਫੜੇ ਜਾਣ ਵਾਲੇ ਨਸ਼ਾ ਵੇਚਣ ਵਾਲਿਆਂ ਦੀ ਜ਼ਮਾਨਤ ਨਾ ਕਰਵਾਈ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਪਿੰਡਾਂ ਵਿਚ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਐਕੁਆਇਰ ਕਰਕੇ ਬੇਇਨਸਾਫ਼ੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਵਿੱਚ ਬੈਠਣ ਲਈ ਪੱਕਾ ਦਫ਼ਤਰ ਬਣਾ ਕੇ ਦਿੱਤਾ ਜਾਵੇ, ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ ਵਧਾਇਆ ਜਾਵੇ, ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ ਅਤੇ ਮੈਡੀਕਲ ਭੱਤਾ ਦਿੱਤਾ ਜਾਵੇ ਆਦਿ। ਇਸ ਮੌਕੇ ਅਮਰ ਸਿੰਘ, ਬਹਾਦਰ ਸਿੰਘ, ਰਾਜਕਮਲ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਪਰਮਿੰਦਰ ਸਿੰਘ, ਸੋਹਣ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।