ਏ.ਆਈ. ਰਾਹੀਂ ਧਾਰਮਿਕ ਸਥਾਨਾਂ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ
ਗੁਰਦੁਆਰਾ ਚਰਨ ਕੰਵਨ ਸਾਹਿਬ ਦੇ ਮੈਨੇਜਰ ਨੇ ਜਤਾਇਆ ਰੋਸ
ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਆਈ ਨਵੀਂ ਤਕਨੀਕ ਏ.ਆਈ. ਰਾਹੀਂ ਧਾਰਮਿਕ ਸਥਾਨਾਂ ਦੀਆਂ ਵੀਡੀਓ ਤੇ ਤਸਵੀਰਾਂ ਨਾਲ ਛੇੜਛਾੜ ਕਰ ਜੋ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਉਸ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ। ਮੈਨੇਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਲੋਕ ਦੇਸ਼ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣਾ ਚਾਹੁੰਦੇ ਹਨ ਜਿਨ੍ਹਾਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਏ.ਆਈ. ਰਾਹੀਂ ਸਿੱਖ ਧਰਮ ਦੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀਆਂ ਜੋ ਗਲਤ ਵੀਡੀਓ ਸੋਸ਼ਲ ਮੀਡੀਆ ’ਤੇ ਫੈਲਾਈਆਂ ਗਈਆਂ ਉਸ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਮੈਨੇਜਰ ਮੰਗਲੀ ਨੇ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰ ਜਿੱਥੇ ਲੋਕਾਂ ਵਿਚ ਬੇਨਕਾਬ ਕਰਨਾ ਚਾਹੀਦਾ ਹੈ ਉੱਥੇ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਸਮੂਹ ਧਰਮਾਂ ਦੇ ਲੋਕਾਂ ਨੂੰ ਇੱਕਜੁਟ ਹੋ ਕੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਸਰਕਾਰ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ ਜਲਦ ਤੋਂ ਜਲਦ ਇਸ ਸਬੰਧੀ ਸਖ਼ਤ ਕਾਨੂੰਨ ਬਣਾਇਆ ਜਾਵੇ।