ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਨਵੰਬਰ
ਪੱਲੇਦਾਰ ਸੰਘਰਸ਼ ਕਮੇਟੀ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਠੇਕੇਦਾਰੀ ਸਿਸਟਮ ਖਤਮ ਕਰਕੇ ਪੱਲੇਦਾਰਾਂ ਨੂੰ ਸਿੱਧੀਆਂ ਅਦਾਇਗੀਆਂ ਕਰੇ ਤਾਂ ਜੋ ਪੱਲੇਦਾਰਾਂ ਨੂੰ ਵੀ ਰਾਹਤ ਮਿਲ ਸਕੇ। ਪੰਜਾਬ ਦੀਆਂ ਪ੍ਰਮੁੱਖ ਪੱਲੇਦਾਰ ਮਜ਼ਦੂਰ ਯੂਨੀਅਨਾਂ ਦੀ ਸਾਂਝੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਸਥਿਤ ਸੀਪੀਆਈ ਦਫ਼ਤਰ ਵਿੱਚ ਹੋਈ, ਜਿਸਦੀ ਪ੍ਰਧਾਨਗੀ ਮਾਲੇਰਕੋਟਲਾ ਦੇ ਪੱਲੇਦਾਰ ਆਗੂ ਖੁਸ਼ੀ ਮੁਹੰਮਦ ਨੇ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਠੇਕੇਦਾਰੀ ਸਿਸਟਮ ਖਤਮ ਕਰ ਕੇ ਪੱਲੇਦਾਰਾਂ ਨੂੰ ਸਿੱਧੀ ਅਦਾਇਗੀ ਦਿੱਤੀ ਜਾਇਆ ਕਰੇਗੀ ਪਰ ਸਰਕਾਰ ਬਣਨ ਤੋਂ ਬਾਅਦ ਠੇਕੇਦਾਰੀ ਸਿਸਟਮ ਹੋਰ ਵੀ ਮਜ਼ਬੂਤ ਹੋਇਆ ਹੈ। ਮੀਟਿੰਗ ਵਿੱਚ ਪੰਜਾਬ ਪੱਲੇਦਾਰ ਯੂਨੀਅਨ ਏਟਕ, ਗੱਲਾ ਮਜ਼ਦੂਰ ਯੂਨੀਅਨ ਪੰਜਾਬ, ਐਫਸੀਆਈ ਅਤੇ ਪੰਜਾਬ ਫ਼ੂਡ ਏਜੰਸੀਜ਼ ਪੱਲੇਦਾਰ ਆਜ਼ਾਦ ਯੂਨੀਅਨ, ਫ਼ੂਡ ਗ੍ਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ, ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ-ਇੰਟਕ ਸਮੇਤ ਕਈ ਪ੍ਰਮੁੱਖ ਯੂਨੀਅਨਾਂ ਦੇ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪੱਲੇਦਾਰ ਮਜ਼ਦੂਰਾਂ ਦੀਆਂ ਮੰਗਾਂ ਬਾਰੇ ਏਕਤਾ ਬਣਾ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ।