ਗੁਰਿੰਦਰ ਸਿੰਘ
ਲੁਧਿਆਣਾ, 28 ਜੂਨ
ਵੱਖ ਵੱਖ ਕਿਸਾਨ ਯੂਨੀਅਨਾਂ ਸਮੇਤ ਹੋਰ ਸੰਗਠਨਾਂ ਦੇ ਆਗੂਆਂ ਨੇ ਆਈਜੀ ਲੁਧਿਆਣਾ ਰੇਂਜ ਨੂੰ ਮੰਗ ਪੱਤਰ ਦੇ ਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਅੱਜ ਇੱਥੇ ਆਈਜੀ ਦਫ਼ਤਰ ਵਿੱੱਚ ਮੰਗ ਪੱਤਰ ਦੇਣ ਸਮੇਂ ਕਿਸਾਨ ਆਗੂਆਂ ਰਘਬੀਰ ਸਿੰਘ ਬੈਨੀਪਾਲ, ਜਸਵੰਤ ਜ਼ੀਰਖ, ਗੁਰਚਰਨ ਸਿੰਘ ਵੜਿੰਗ ਅਤੇ ਮਨਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਕਾਮਰੇਡ ਹਰਦੇਵ ਸਿੰਘ ਸੰਧੂ ਨੇ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਨਾਲ ਮਿਲ ਕੇ ਪੈਟਰੋਲ ਪੰਪ ਲਗਵਾਇਆ ਸੀ ਜਿਸ ਦੀ ਅਦਾਇਗੀ ਉਸ ਨੇ ਬੈਂਕ ਤੋਂ ਕਰਜ਼ਾ ਲੈ ਕੇ ਕੀਤੀ ਸੀ ਪਰ ਰਿਸ਼ਤੇਦਾਰ ਨੇ ਧੋਖਾਧੜੀ ਕਰਕੇ ਪੈਟਰੋਲ ਪੰਪ ਆਪਣੇ ਨਾਮ ’ਤੇ ਕਰਾ ਲਿਆ ਹੈ। ਉਨ੍ਹਾਂ ਦੱਸਿਆ ਕਿ ਜਗਰਾਉਂ ਪੁਲੀਸ ਨੂੰ ਇਸ ਸਬੰਧੀ ਕਈ ਵਾਰ ਸ਼ਿਕਾਇਤ ਦਿੱਤੀ ਪਰ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੇ ਦਬਾਅ ਹੇਠ ਪੁਲੀਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਦਖ਼ਲਅੰਦਾਜ਼ੀ ਕੀਤੀ ਜਾਵੇ। ਆਈਜੀ ਦੀ ਗੈਰਹਾਜ਼ਰੀ ਵਿਚ ਉਨ੍ਹਾਂ ਦੇ ਰੀਡਰ ਨੂੰ ਮੰਗ ਪੱਤਰ ਸੌਂਪਿਆ ਗਿਆ ਜਿਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਅਧਿਕਾਰੀਆਂ ਨਾਲ ਗੱਲ ਕਰਕੇ ਵਫ਼ਦ ਨੂੰ ਜਾਣਕਾਰੀ ਦੇਣਗੇ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਇਨਕਲਾਬੀ ਕੇਂਦਰ ਪੰਜਾਬ, ਕਾਮਾਗਾਟਾ ਮਾਰੂ ਯਾਦਗਾਰੀ ਕਮੇਟੀ ਪੰਜਾਬ, ਕਿਸਾਨ ਯੂਨੀਅਨ, ਭਾਰਤੀ ਕਮਿਊਨਿਸਟ ਪਾਰਟੀ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਕਈ ਮੁਲਾਜ਼ਮ ਜਥੇਬੰਦੀਆਂ ਦੇ ਪ੍ਰਤੀਨਿਧ ਵੀ ਹਾਜ਼ਰ ਸਨ।