ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਜੂਨ
ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਸੂਬਾਈ ਆਗੂ ਹਰਜੀਤ ਕੌਰ ਸਮਰਾਲਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਗੁਰਪ੍ਰੀਤ ਸਿੰਘ ਸਿੰਘ ਸਹਾਇਕ ਲੇਬਰ ਕਮਿਸ਼ਨਰ ਲੁਧਿਆਣਾ ਨੂੰ ਕਿਰਤ ਮੰਤਰੀ ਪੰਜਾਬ ਲਈ ਮੰਗ ਪੱਤਰ ਸੌਂਪਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਲਟਕਾਉਣ ਦੇ ਰਸਤੇ ਪੈਣਾ ਚਾਹੁੰਦੀ ਹੈ, ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਖੇਤਰਾਂ ਅਤੇ ਸਰਕਾਰੀ ਵਿਭਾਗਾਂ ਅੰਦਰ ਕੰਮ ਕਰਦੇ ਕੱਚੇ ਮੁਲਾਜ਼ਮ ਅਤੇ ਦਿਹਾੜੀਦਾਰ ਕਾਮਿਆਂ ਦੀਆਂ ਉਜਰਤਾਂ ਵਿੱਚ ਪਿਛਲੇ ਇਕ ਦਹਾਕੇ ਤੋਂ ਕੋਈ ਵੀ ਵਾਧਾ ਨਹੀਂ ਕੀਤਾ, ਜਦਕਿ ਸਰਕਾਰ ਦੀ ਹਰੇਕ ਪੰਜ ਸਾਲ ਬਾਅਦ ਸੋਧ ਕਰਨੀ ਸੰਵਿਧਾਨਕ ਜ਼ਿੰਮੇਵਾਰੀ ਬਣਦੀ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਮਹਿੰਗਾਈ ਦੁੱਗਣੀ ਹੋ ਚੁੱਕੀ ਹੈ, ਜਦਕਿ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਘੱਟੋ ਘੱਟ ਉਜਰਤ 18000 ਰੁਪਏ ਤਹਿ ਕੀਤੀ ਗਈ ਹੈ। ਇਸੇ ਤਰ੍ਹਾਂ ਸਾਲ ਵਿੱਚ ਦੋ ਵਾਰ ਮਹਿੰਗਾਈ ਸੂਚਕ ਅੰਕ ਦੇ ਹਿਸਾਬ ਨਾਲ ਮਹਿੰਗਾਈ ਭੱਤਾ ਦੇਣਾ ਹੁੰਦਾ ਹੈ,ਜੋ ਸਾਲ 2020 ਤੋਂ ਬਾਅਦ ਨਹੀਂ ਦਿੱਤਾ ਗਿਆ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਹਿੰਗਾਈ ਭੱਤੇ ਦੀਆਂ ਬਣਦੀਆਂ ਕਿਸ਼ਤਾਂ ਤੁਰੰਤ ਜਾਰੀ ਕਰ ਕੇ ਬਕਾਏ ਸਹਿਤ ਦਿੱਤੀਆਂ ਜਾਣ ਤਾਂ ਜੋ ਮਹਿੰਗਾਈ ਦੀ ਮਾਰ ਝੱਲ ਰਹੇ ਕਾਮਿਆਂ ਨੂੰ ਕੁਝ ਰਾਹਤ ਮਿਲ ਸਕੇ। ਵਫ਼ਦ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ ਤੋਂ ਇਲਾਵਾ ਜਗਵੀਰ ਸਿੰਘ ਨਾਗਰਾ, ਕੁਲਦੀਪ ਲਾਲ ਮੱਤੇਵਾੜਾ, ਜਸਪਾਲ ਸਿੰਘ ਮੱਤੇਵਾੜਾ, ਗੰਗਾ ਰਾਮ, ਲਖਵੀਰ ਸਿੰਘ,ਹਰਦੀਪ ਸਿੰਘ, ਬਲਕਾਰ ਰਾਮ ਅਤੇ ਅਜੈ ਕੁਮਾਰ ਆਦਿ ਵੀ ਸ਼ਾਮਲ ਸਨ।