ਪੱਤਰ ਪ੍ਰੇਰਕ
ਪਾਇਲ, 13 ਅਗਸਤ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਰੋਡ ਸੰਘਰਸ਼ ਯੂਨੀਅਨ ਵੱਲੋਂ ਭਾਰਤਮਾਲਾ ਯੋਜਨਾ ਅਧੀਨ ਜ਼ਬਰੀ ਜ਼ਮੀਨਾਂ ਐਕੁਆਇਰ ਕਰਨ ਦੇ ਵਿਰੁੱਧ ਚੱਲ ਰਹੇ ਧਰਨੇ ਤਹਿਤ ਹਲਕੇ ਦੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੀ ਮੁਹਿੰਮ ਦੌਰਾਨ ਅੱਜ ਹਲਕਾ ਪਾਇਲ ਦੇ ਐੱਮਐੱਲਏ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਮੰਗ ਪੱਤਰ ਸੌਂਪਿਆ ਗਿਆ। ਵੱਡੀ ਗਿਣਤੀ ਵਿੱਚ ਮੋਟਰਸਾਈਕਲਾਂਸ, ਕਾਰਾਂ ’ਤੇ ਸਵਾਰ ਹੋ ਕੇ ਕਿਸਾਨਾਂ ਤੇ ਔਰਤਾਂ ਵੱਲੋਂ ਪੂਰੇ ਜੋਸ਼ੋ ਖਰੋਸ਼ ਨਾਲ ਨਾਅਰੇ ਮਾਰਦੇ ਹੋਏ ਇਹ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ ਮੌਕੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਲੈ ਕੇ ਕਾਰਪੋਰੇਟ ਕੰਪਨੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ, ਕੱਟੜਾ ਦਿੱਲੀ ਐਕਸਪ੍ਰੈੱਸ ਵਰਗੀਆਂ ਸੜਕਾਂ, ਜਿਸ ਦੀ ਕਿਸਾਨਾਂ ਦੀ ਕੋਈ ਮੰਗ ਨਹੀਂ ਸੀ ਪਰ ਸਰਕਾਰਾਂ ਕੰਪਨੀਆਂ ਨੂੰ ਸਹੂਲਤਾਂ ਦੇਣ ਖਾਤਰ ਕਿਸਾਨਾਂ ਨੂੰ ਉਜਾੜ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਜ਼ਮੀਨ ਦਾ ਪੂਰਾ ਮੁੱਲ ਮਾਰਕੀਟ ਅਨੁਸਾਰ ਦਿੱਤਾ ਜਾਵੇ, ਖੇਤਾਂ ਲਈ ਸੜਕਾਂ ਬਰਾਬਰ ਰਸਤਾ ਦਿੱਤਾ ਜਾਵੇ, ਖੇਤਾਂ ਦੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਕੀਤਾ ਜਾਵੇ।
ਵਿਧਾਇਕ ਸੌਂਦ ਨੂੰ ਸੌਂਪਿਆ ਮੰਗ ਪੱਤਰ
ਖੰਨਾ (ਨਿੱਜੀ ਪੱਤਰ ਪ੍ਰੇਰਕ): ਅੱਜ ਇਥੇ ਭਾਰਤੀ ਕਿਸਾਨ ਯੂਨੀਅਨ (ਏਕਤਾਂ ਉਗਰਾਹਾਂ) ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਭਾਰਤ ਮਾਲਾ ਪ੍ਰਾਜੈਕਟ ਤਹਿਤ ਕੱਢੀਆਂ ਜਾ ਰਹੀਆਂ ਸੜਕਾਂ ਦੀ ਮਾਰ ਹੇਠ ਆਉਂਦੇ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਭਾਅ ਹਥਿਆਉਣ ਖ਼ਿਲਾਫ਼ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੂੰ ਮੰਗ ਪੱਤਰ ਸੌਪਿਆ ਗਿਆ।
ਕੋਟ ਆਗਾ ਪੱਕੇ ਮੋਰਚੇ ਤੋਂ ਮੰਗ ਪੱਤਰ ਦੇਣ ਲਈ ਕਾਫਲੇ ਰਵਾਨਾ
ਗੁਰੂਸਰ ਸੁਧਾਰ(ਸੰਤੋਖ ਗਿੱਲ): ਭਾਕਿਯੂ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਤੋਂ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਹਲਕਾ ਖੰਨਾ ਦੇ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ ਨੂੰ ਮੰਗ ਪੱਤਰ ਦੇਣ ਲਈ ਸੂਬਾ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ ਅਤੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਗੁੱਜਰਵਾਲ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਚਰਨਜੀਤ ਸਿੰਘ ਫੱਲੇਵਾਲ, ਜਸਵੀਰ ਸਿੰਘ ਕੋਟ ਆਗਾ ਅਤੇ ਬਲਵਿੰਦਰ ਸਿੰਘ ਨਾਰੰਗਵਾਲ ਨੇ ਦੁਹਰਾਇਆ ਕਿ ਮੰਗਾਂ ਦੀ ਪ੍ਰਾਪਤੀ ਤੱਕ ਪੱਕਾ ਮੋਰਚਾ ਜਾਰੀ ਰਹੇਗਾ।