ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ
ਪ੍ਰਿੰਸੀਪਲਾਂ ਨੂੰ ਵਾਧੂ ਚਾਰਜ ਦੇ ਕੇ ਡੰਗ ਟਪਾਉਣ ਦੀ ਡੀ ਟੀ ਐੱਫ ਵੱਲੋਂ ਨਿਖੇਧੀ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਨੁਮਾਇੰਦਿਆਂ ਨੇ ਕਿਹਾ ਕਿ ਪੰਜਾਬ ਦੇ ਸੈਂਕੜੇ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਮੰਨਜ਼ੂਰ ਸ਼ੁਦਾ 2000 ਪੋਸਟਾਂ ਵਿੱਚੋ ਲਗਪਗ 1000 ਪੋਸਟਾਂ ਖਾਲੀ ਪਈਆਂ ਹਨ। ਇੱਕ-ਇੱਕ ਪ੍ਰਿੰਸੀਪਲ ਨੂੰ ਕਈ-ਕਈ ਸਕੂਲਾਂ ਦਾ ਚਾਰਜ ਦੇ ਕੇ ਡੰਗ ਟਪਾਇਆ ਜਾ ਰਿਹਾ ਹੈ। ਇਸ ਤਰ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਵਰਤਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ 75% ਪ੍ਰਮੋਸ਼ਨ ਕੋਟੇ ਦੀਆਂ ਤਰੱਕੀਆਂ ਤੁਰੰਤ ਕਰਕੇ ਇਹਨਾਂ ਸਕੂਲਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਪੀ.ਪੀ.ਐੱਸ.ਸੀ. ਰਾਹੀਂ ਸਿੱਧੀ ਭਰਤੀ ਦੇ 25% ਕੋਟੇ ਦੀ ਭਰਤੀ ਦਾ ਇਸ਼ਤਿਹਾਰ ਵੀ ਤੁਰੰਤ ਜਾਰੀ ਕਰੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 50% ਪੋਸਟਾਂ ਖਾਲੀ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਦਮਗਜੇ ਮਾਰ ਰਹੀ ਹੈ। ਤਰਨਤਾਰਨ, ਮੋਗਾ ਅਤੇ ਮਾਨਸਾ ਵਰਗੇ ਜਿਲਿਆ ਵਿੱਚ ਤਾਂ 75% ਤੋ ਵੀ ਵੱਧ ਪ੍ਰਿੰਸੀਪਲਾਂ ਦੀਆਂ ਪੋਸਟਾਂ ਖਾਲੀ ਪਈਆਂ ਹਨ। 2022 ਵਿੱਚ ਸਿੱਖਿਆ ਅਤੇ ਸਿਹਤ ਵਿਭਾਗ ਦੀ ਕਾਇਆ ਪਲਟ ਕਰਨ ਦੇ ਬਿਆਨ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪ੍ਰਿੰਸੀਪਲਾਂ, ਹੈਡਮਾਸਟਰਾਂ ਅਤੇ ਬੀ.ਪੀ.ਈ.ਓਜ਼.ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਗੁਰਦੀਪ ਸਿੰਘ ਹੇਰਾਂ, ਸੰਯੁਕਤ ਸਕੱਤਰ ਗੁਰਪ੍ਰੀਤ ਸਿੰਘ ਖੰਨਾ, ਵਿਤ ਸਕੱਤਰ ਗੁਰਬਚਨ ਸਿੰਘ, ਪ੍ਰੈਸ ਸਕੱਤਰ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਲਗਾਤਾਰ ਯਤਨਾਂ ਅਤੇ ਸੰਘਰਸ਼ ਕਰਕੇ ਪ੍ਰਿੰਸੀਪਲਾਂ ਦਾ ਪ੍ਰੋਮੋਸ਼ਨ ਕੋਟਾ 75% ਕੀਤਾ ਗਿਆ ਹੈ ਜਿਸ ਵਿੱਚੋ 70% ਲੈਕਚਰਾਰਾਂ ਲਈ, 20% ਹੈਡਮਾਸਟਰਾਂ ਲਈ ਅਤੇ 10% ਵੋਕੇਸ਼ਨਲ ਅਧਿਆਪਕਾਂ ਲਈ ਕੋਟਾ ਨਿਰਧਾਰਿਤ ਕੀਤਾ ਗਿਆ। ਜਥੇਬੰਦੀ ਨੇ ਜ਼ੋਰ ਨਾਲ ਮੰਗ ਕਰਦਿਆਂ ਕਿਹਾ ਕਿ ਪ੍ਰੋਮੋਸ਼ਨ ਤੁਰੰਤ ਕਰਦਿਆਂ ਸਿੱਧੀ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ। ਪ੍ਰਾਇਮਰੀ ਵਿਭਾਗ ਵਿੱਚੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਨਵੇਂ ਸੇਵਾ ਨਿਯਮਾਂ ਅਨੁਸਾਰ ਕੀਤੀਆਂ ਜਾਣ।

