ਪੇਂਡੂ ਕਿਰਤੀ ਪਰਿਵਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ
ਦਿਹਾਤੀ ਮਜ਼ਦੂਰ ਸਭਾ ਵੱਲੋਂ ਬੇਜ਼ਮੀਨੇ ਸਾਧਨਹੀਨ ਪੇਂਡੂ ਕਿਰਤੀ ਪਰਿਵਾਰਾਂ ਦੀਆਂ ਭਖਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਸਬੰਧੀ ਇੱਕ ਮੰਗ ਪੱਤਰ ਮੁੱਖ ਮੰਤਰੀ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਅਤੇ ਦਫ਼ਤਰ ਬਾਹਰ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ, ਸਕੱਤਰ ਨਿਰਮਲ ਸਿੰਘ, ਸੀ ਟੀ ਯੂ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਜਗਦੀਸ਼ ਚੰਦ ਅਤੇ ਸੀਟੀਯੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਪਰਮਜੀਤ ਸਿੰਘ ਨੇ ਕਿਹਾ ਕਿ ਸੂਬੇ ਦੀ ਸਰਕਾਰ ਨੂੰ ਜਗਾਊਣ ਅਤੇ ਅਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਹਾਇਕ ਡਿਪਟੀ ਕਮਿਸ਼ਨਰ ਰਾਹੀਂ ਇਕ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਪੰਜਾਬ ਅੰਦਰ ਹੜ੍ਹਾਂ ਅਤੇ ਬਰਸਾਤ ਨਾਲ ਹੋਏ ਭਾਰੀ ਨੁਕਸਾਨ ਦੀ ਭਰਪਾਈ ਅਤੇ ਉਨ੍ਹਾਂ ਦੇ ਮੁੜ ਵਸੇਵੇ ਲਈ ਯੋਗ ਮੁਆਵਜ਼ਾ ਦੇਣ, ਮਨਰੇਗਾ ਕਾਨੂੰਨ ਅਧੀਨ ਸਾਰੇ ਕਿਰਤੀ ਪਰਿਵਾਰਾਂ ਦੇ ਸਮੁੱਚੇ ਮੈਂਬਰਾਂ ਨੂੰ ਘੱਟੋ ਘੱਟ 700 ਰੁਪਏ ਦਿਹਾੜੀ ਨਾਲ ਪੂਰਾ ਸਾਲ ਕੰਮ ਦੇਣ, ਬੇਘਰੇ ਅਤੇ ਲੋੜਵੰਦਾਂ ਲੋਕਾਂ ਨੂੰ ਪਿੰਡ ਅੰਦਰ 10-10 ਮਰਲੇ ਦੇ ਰਿਹਾਇਸ਼ੀ ਪਲਾਟ ਤੇ ਮਕਾਨ ਬਨਾਉਣ ਲਈ ਘੱਟੋ ਘੱਟ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਕਾਮਰੇਡ ਬਲਰਾਮ, ਕਾਮਰੇਡ ਤਹਸੀਲਦਾਰ ਸਿੰਘ, ਕਿਸਾਨ ਆਗੂ ਰਘਬੀਰ ਸਿੰਘ ਬੈਨੀਪਾਲ, ਅਮਰਜੀਤ ਸਿੰਘ ਮੱਟੂ, ਅਜੀਤ ਕੁਮਾਰ, ਭੋਲਾ ਯਾਦਵ, ਚਮਨ ਲਾਲ ਅਤੇ ਮੁਖਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
