ਨਿੱਜੀ ਪੱਤਰ ਪ੍ਰੇਰਕ
ਖੰਨਾ, 12 ਸਤੰਬਰ
ਅੱਜ ਇਥੋਂ ਦੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੈਬਰਾਂ ਦੀ ਇੱਕਤਰਤਾ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਸਰਕਾਰਾਂ ਪੰਜਾਬ ਨੂੰ ਤਬਾਹ ਕਰਨ ’ਤੇ ਤੁਲੀਆਂ ਹੋਈਆਂ ਹਨ।
ਇਸੇ ਦੌਰਾਨ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਪਾਸ ਕੀਤੇ ਮਤੇ ਰਾਹੀਂ ਕੱਚੇ ਤੇਲ ਦੀਆਂ ਕੀਮਤਾਂ ’ਚ ਆਈ ਗਿਰਾਵਟ ਦੌਰਾਨ ਤੁਰੰਤ ਡੀਜ਼ਲ ਦੀ ਕੀਮਤ 20 ਰੁਪਏ ਲਿਟਰ ਅਤੇ ਗੈਸ ਸਿਲੰਡਰ ਦੀ ਕੀਮਤ 500 ਰੁਪਏ ਪ੍ਰਤੀ ਸਿਲੰਡਰ ਘਟਾਉਣ ਦੀ ਮੰਗ ਕੀਤੀ। ਇਕ ਮਤੇ ਰਾਹੀਂ ਲੰਪੀ ਸਕਿਨ ਦਾ ਸ਼ਿਕਾਰ ਹੋਏ ਪਸ਼ੂਆਂ ਲਈ ਇਕ ਲੱਖ ਰੁਪਏ ਪ੍ਰਤੀ ਪਸ਼ੂ ਅਤੇ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ।
ਉਨ੍ਹਾਂ ਪਰਾਲੀ ਸਾੜਨ ਦੇ ਮੁੱਦੇ ’ਤੇ ਸਰਕਾਰ ਵੱਲੋਂ ਮੁਆਵਜ਼ਾ ਰਾਸ਼ੀ 2500 ਤੋਂ ਘਟਾ ਕੇ 500 ਰੁਪਏ ਪ੍ਰਤੀ ਏਕੜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਵਧਾ ਕੇ ਦੇਣ ਦੀ ਅਪੀਲ ਕੀਤੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਪਰੋਕਤ ਸਾਰੀਆਂ ਮੰਗਾਂ ਵੱਲ ਉਚੇਚੇ ਤੌਰ ’ਤੇ ਧਿਆਨ ਦੇ ਕੇ ਕਿਸਾਨੀ ਮੁਸ਼ਕਿਲਾਂ ਨੂੰ ਹੱਲ ਕੀਤਾ ਜਾਵੇ।