ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਦੀ ਤਜਵੀਜ਼ ਰੱਦ ਕਰਨ ਦੀ ਮੰਗ
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਅਤੇ ਟਰਾਂਸਕੋ ਮੰਡਲ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਇੱਕਤਰਤਾ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਵਿਛੜੇ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੋਹਨ ਸਿੰਘ ਸ਼ੰਭੂ ਅਤੇ ਵਿਧੀ ਚੰਦ ਨੇ ਕਿਹਾ ਕਿ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਸੂਬੇ ਕਮੇਟੀ ਵੱਲੋਂ ਕੀਤੇ ਫੈਸਲੇ ਨੂੰ ਲਾਗੂ ਕਰਵਾਉਣ ਲਈ 16 ਦਸੰਬਰ ਨੂੰ ਬਿਜਲੀ ਦਫ਼ਤਰ ਖੰਨਾ ਅੱਗੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਅਤੇ ਪਾਵਰਕੌਮ ਟਰਾਂਸਕੋ ਮੈਨੇਜਮੈਂਟ ਦੀ ਅਰਥੀ ਫੂਕੀ ਜਾਵੇਗੀ। ਇਸ ਸਾਂਝੇ ਸੰਘਰਸ਼ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਅਤੇ ਸਮੂਹ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿੱਜੀਕਰਨ, ਸੰਸਾਰੀਕਰਨ ਅਤੇ ਉਦਾਰੀਕਰਨ ਦੀਆਂ ਨੀਤੀਆਂ ਰੋਕਣ ਲਈ ਅੱਗੇ ਆਉਣ। ਇਸ ਦੌਰਾਨ ਪਾਵਰਕੌਮ ਮੈਨੇਜਮੈਂਟ, ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਬਿਜਲੀ ਸੋਧ ਬਿੱਲ ਤੇ ਬੀਡ ਬਿੱਲ-2025 ਦੀ ਤਜਵੀਜ਼ ਰੱਦ ਕੀਤੀ ਜਾਵੇ, ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸਸਤੇ ਭਾਅ ਭੇਜਣੀਆਂ ਬੰਦ ਕੀਤੀਆਂ ਜਾਣ, ਹਰ ਵਿਭਾਗ ਵਿਚ ਪੱਕੀ ਭਰਤੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਪੈਨਸ਼ਨਰਾਂ ਨੂੰ 2.59 ਗੁਣਾਂਕ ਨਾਲ ਪੈਨਸ਼ਨਾਂ ਸੋਧ ਕੇ ਦਿੱਤੀਆਂ ਜਾਣ, ਪੁਰਾਣਾ ਸਕੇਲ ਤੇ ਡੀਏ ਦਾ ਬਕਾਇਆ ਜਲਦ ਜਾਰੀ ਕੀਤਾ ਜਾਵੇ ਆਦਿ। ਇਸ ਮੌਕੇ ਮੋਹਨ ਲਾਲ, ਸ਼ੇਰ ਸਿੰਘ, ਵਰਿਆਮ ਸਿੰਘ, ਸੁਰਿੰਦਰ ਕੌਸ਼ਲ, ਹਰਜਿੰਦਰ ਸਿੰਘ, ਹਰਬੰਸ ਸਿੰਘ, ਪ੍ਰਦੀਪ ਕੁਮਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਪਰੋਕਤ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
