ਨਿਗਮ ਦੀ ਜ਼ਮੀਨ ’ਤੇ ਖੜ੍ਹੇ ਜ਼ਬਤ ਵਾਹਨ ਹਟਾਉਣ ਦੀ ਮੰਗ
ਸਨਅਤੀ ਸ਼ਹਿਰ ਭਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇੱਕ ਹੋਰ ਪਹਿਲਕਦਮੀ ਕਰਦੇ ਹੋਏ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਪੱਤਰ ਲਿਖ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਸੜਕਾਂ ਕੰਢੇ ਜਾਂ ਨਗਰ ਨਿਗਮ ਦੀ ਜ਼ਮੀਨ ’ਤੇ ਖੜ੍ਹੇ ਕੀਤੇ ਵਾਹਨਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਸ ਕਦਮ ਦਾ ਉਦੇਸ਼ ਆਵਾਜਾਈ ਨੂੰ ਸੁਚਾਰੂ ਬਣਾਉਣਾ ਅਤੇ ਵਸਨੀਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣਾ ਹੈ ਕਿਉਂਕਿ ਇਨ੍ਹਾਂ ਥਾਵਾਂ ’ਤੇ ਪਾਣੀ ਇਕੱਠਾ ਹੋਣ ਨਾਲ ਮੱਛਰਾਂ ਦੀ ਪੈਦਾਵਾਰ ਹੋ ਸਕਦੀ ਹੈ।
ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਕਈ ਥਾਵਾਂ ਹਨ ਜਿਨ੍ਹਾਂ ਵਿੱਚ ਬਸਤੀ ਜੋਧੇਵਾਲ ਪੁਲੀਸ ਸਟੇਸ਼ਨ, ਡਿਵੀਜ਼ਨ ਨੰਬਰ 5 ਪੁਲੀਸ ਸਟੇਸ਼ਨ ਵਰਗੇ ਕਈ ਇਲਾਕਿਆਂ ਦੇ ਬਾਹਰ ਦੀ ਨਗਰ ਨਿਗਮ ਦੀ ਥਾਂ ’ਤੇ ਪੁਲੀਸ ਨੇ ਲੋਕਾਂ ਦੇ ਜ਼ਬਤ ਕੀਤੇ ਹੋਏ ਵਾਹਨ ਸੜਕਾਂ ’ਤੇ ਖੜ੍ਹਾਏ ਹੋਏ ਹਨ। ਸੜਕਾਂ ਦੇ ਕਿਨਾਰਿਆਂ ’ਤੇ ਜ਼ਬਤ ਕੀਤੇ ਵਾਹਨਾਂ ਨੂੰ ਰੱਖਣ ਨਾਲ ਸੁਚਾਰੂ ਆਵਾਜਾਈ ਵਿੱਚ ਰੁਕਾਵਟਾਂ ਪੈਦਾ ਹੋ ਰਹੀਆਂ ਹਨ। ਨਾਲ ਹੀ ਇਨ੍ਹਾਂ ਵਾਹਨਾਂ ਨੂੰ ਹਟਾਉਣਾ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਥਾਵਾਂ ’ਤੇ ਪਾਣੀ ਇਕੱਠਾ ਹੋਣ ਨਾਲ ਮੱਛਰ ਪੈਦਾ ਹੋ ਸਕਦੇ ਹਨ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ’ਤੇ ਭੀੜ-ਭੜੱਕੇ ਨੂੰ ਘਟਾਉਣ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਪੁਲੀਸ ਵਿਭਾਗ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਇਨ੍ਹਾਂ ਜ਼ਬਤ ਕੀਤੇ ਵਾਹਨਾਂ ਨੂੰ ਜਲਦੀ ਤੋਂ ਜਲਦੀ ਹਟਾਉਣ ਲਈ ਕਿਹਾ ਗਿਆ ਹੈ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਡੇ ਪੱਧਰ ’ਤੇ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਸ਼ਹਿਰ ਭਰ ਵਿੱਚ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ।