ਕਿਰਤ ਕੋਡ ਰੱਦ ਕਰਨ ਦੀ ਮੰਗ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਮੀਟਿੰਗ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਦੀ ਪ੍ਰਧਾਨਗੀ ਹੇਠ ਪਿੰਡ ਭੰਮੀਪੁਰਾ ਦੇ ਗੁਰਦੁਆਰੇ ਵਿੱਚ ਹੋਈ। ਮੀਟਿੰਗ ਵਿੱਚ 15 ਪਿੰਡਾਂ ਦੀਆਂ ਇਕਾਈਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਸਮੇਂ ਸੰਯੁਕਤ ਕਿਸਾਨ ਮੌਰਚੇ ਵਲੋਂ ਦਿੱਲੀ ਕਿਸਾਨ ਸੰਘਰਸ਼ ਦੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਪੂਰੇ ਦੇਸ਼ ਵਾਂਗ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਬਲਾਕ ਸੱਕਤਰ ਰਛਪਾਲ ਸਿੰਘ ਡੱਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਲੋਕ ਵਿਰੋਧੀ ਬਿਜਲੀ ਬਿੱਲ 2025 ਨੂੰ ਤੁਰੰਤ ਵਾਪਸ ਲੈਣ, ਪੰਜਾਬ ਦੀਆਂ ਸਰਕਾਰੀ ਜ਼ਮੀਨਾਂ ਵੇਚਣ ਦੀ ਤਜਵੀਜ਼ ਰੱਦ ਕਰਨ, ਪੰਜਾਬ ਯੂਨੀਵਰਸਿਟੀ ਵਿਦਿਆਰਥੀਆਂ ਦੇ ਘੋਲ ਦੀ ਹਮਾਇਤ ਕਰਨ ਅਤੇ ਸੈਨੇਟ ਚੋਣਾਂ ਦਾ ਐਲਾਨ ਕਰਨ, ਪੰਜਾਬ ਸਰਕਾਰ ਵਲੋਂ ਰੋਕੀ ਹੋਈ ਨਵੀਂ ਖੇਤੀ ਨੀਤੀ ਜਾਰੀ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ। ਮੀਟਿੰਗ ਵਿੱਚ ਕੇਂਦਰ ਸਰਕਾਰ ਵਲੋਂ ਦੇਸ਼ ਦੀ ਮਜ਼ਦੂਰ ਜਮਾਤ ਦੇ ਲੰਮੇ ਵਿਰੋਧ ਦੇ ਬਾਵਜੂਦ ਮਜ਼ਦੂਰ ਵਿਰੋਧੀ ਘਾਤਕ ਕਿਰਤ ਕੋਡ ਲਾਗੂ ਕਰਨ ਦੀ ਵੀ ਸਖ਼ਤ ਨਿੰਦਾ ਕਰਦਿਆਂ ਮਜ਼ਦੂਰ ਸੰਗਠਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ। ਇਸ ਸਮੇਂ ਪੰਜਾਬ ਸਰਕਾਰ ਤੋਂ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਵਿਕਣ ਲਈ ਪਏ ਝੋਨੇ ਦੀ ਰੋਕੀ ਖਰੀਦ ਤੁਰੰਤ ਬਹਾਲ ਕਰਨ ਅਤੇ ਕੱਚੀਆਂ ਮੰਡੀਆਂ ਵਿੱਚੋਂ ਝੋਨੇ ਦੀਆਂ ਬੋਰੀਆਂ ਦੀ ਲਿਫਟਿੰਗ ਤੁਰੰਤ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਇਨ੍ਹਾਂ ਦੋਹਾਂ ਮਸਲਿਆਂ ਨੂੰ ਲੈਣ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਮਜ਼ਦੂਰਾਂ ਕਿਸਾਨਾਂ ਦਾ ਵੱਡਾ ਵਫ਼ਦ ਮਿਲੇਗਾ। ਖਰੀਦ ਅਤੇ ਲਿਫਟਿੰਗ ਨਾ ਕਰਨ ਵਿਰੁੱਧ ਮਜਬੂਰਨ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਜਮਹੂਰੀ ਅਧਿਕਾਰ ਸਭਾ ਦੀ ਆਗੂ ਤੇ ਸਾਬਕਾ ਵਿਦਿਆਰਥੀ ਆਗੂ ਐਡਵੋਕੇਟ ਅਮਨਦੀਪ ਕੌਰ ਨੂੰ ਧਮਕੀਆਂ ਦੇਣ ਦੀ ਵੀ ਨਿੰਦਾ ਕੀਤੀ ਗਈ। ਇਸ ਮੌਕੇ ਅਮਰਜੀਤ ਸਿੰਘ ਦੇਹੜਕਾ, ਕੁਲਵਿੰਦਰ ਸਿੰਘ ਡੱਲਾ, ਹਰਜਿੰਦਰ ਸਿੰਘ ਡਾਂਗੀਆਂ, ਵਜ਼ੀਰ ਸਿੰਘ ਬੱਸੂਵਾਲ, ਤੇਜਾ ਸਿੰਘ ਬੱਸੂਵਾਲ, ਨਿਰਮਲ ਸਿੰਘ ਭੰਮੀਪੁਰਾ, ਆਤਮਾ ਸਿੰਘ, ਸਰੂਪ ਸਿੰਘ, ਬਲਵਿੰਦਰ ਸਿੰਘ ਕਮਾਲਪੁਰਾ, ਰਣਜੀਤ ਸਿੰਘ ਕਮਾਲਪੁਰਾ, ਰਛਪਾਲ ਸਿੰਘ ਅਖਾੜਾ, ਸੁਖਦੇਵ ਸਿੰਘ, ਬਹਾਦਰ ਸਿੰਘ ਲੱਖਾ, ਕੁਲਵਿੰਦਰ ਸਿੰਘ ਚੀਮਾ, ਦਿਲਬਾਗ ਸਿੰਘ ਰਾਜੋਆਣਾ, ਸਤਿੰਦਰ ਪਾਲ ਸਿੰਘ ਰਸੂਲਪੁਰ, ਕੁੰਢਾ ਸਿੰਘ ਕਾਉਂਕੇ ਆਦਿ ਹਾਜ਼ਰ ਸਨ।
