ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਵਿੱਚ ਕੀਤੇ ਪੰਜ ਫ਼ੀਸਦੀ ਵਾਧੇ ਦੀ ਕਾਂਗਰਸ ਪਾਰਟੀ ਨੇ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ। ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਹ ਲੋਕ ਵਿਰੋਧੀ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਪਾਰਟੀ ਵੱਲੋਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਜ਼ਿਲ੍ਹੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ। ਇਸ ਮੌਕੇ ਲੁਧਿਆਣਾ ਸ਼ਹਿਰ ਦਾ ਨਾਮ ਗਦੰਗੀ ਵਾਲੇ ਸ਼ਹਿਰਾਂ ਵਿੱਚ ਹੇਠਾਂ ਤੋਂ ਦੂਸਰੇ ਨੰਬਰ ’ਤੇ ਆਉਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਨਗਰ ਨਿਗਮ ਦੀ ਕਾਰਗੁਜ਼ਾਰੀ ਬਾਰੇ ਸਵਾਲ ਖੜ੍ਹੇ ਕੀਤੇ ਗਏ। ਇਸ ਤੋਂ ਇਲਾਵਾ ਲੋਕਾਂ ਨਾਲ ਜੁੜੇ ਹੋਰ ਕਈ ਤਰਾਂ ਦੇ ਮੁੱਦਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਮੁੱਚੀ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਇਨ੍ਹਾਂ ਮੁੱਦਿਆਂ ਤੇ ਸਰਕਾਰ ਦੀ ਨਿਖੇਧੀ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਖ਼ਿਲਾਫ਼ ਅਗਲੀ ਰਣਨੀਤੀ ਤਿਆਰ ਕਰਨ ਸੰਬਧੀ ਵੀ ਵਿਚਾਰ ਕੀਤੀ ਗਈ।
ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਹੋਈ ਮੀਟਿੰਗ ਦੌਰਾਨ ਸਾਬਕਾ ਮੰਤਰੀ ਅਤੇ ਪਾਰਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਰਹੀ।