ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਅਗਸਤ
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ) ਪੰਜਾਬ ਵੱਲੋਂ 3442, 7654, 5178 ਭਰਤੀਆਂ ’ਚੋਂ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਤੇ ਨਾਨ ਟੀਚਿੰਗ ਦੇ 11 ਸਾਲਾਂ ਤੋਂ ਪੈਡਿੰਗ ਰੈਗੂਲਰ ਆਰਡਰ ਜਾਰੀ ਕਰਨ ਦੀ ਮੰਗ ਲਈ ਸੰਘਰਸ਼ ਵਿੱਢਣ ਸਬੰਧੀ ਚਰਚਾ ਕਰਨ ਲਈ ਗ਼ਦਰੀ ਬਾਬਾ ਭਾਨ ਸਿੰਘ ਯਾਦਗਾਰ (ਸਨੇਤ) ਲੁਧਿਆਣਾ ਵਿੱਚ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਡੀਟੀਐਫ ਦੇ ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ, ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਔਜਲਾ ਅਤੇ ਸੰਯੁਕਤ ਸਕੱਤਰ ਕੁਲਵਿੰਦਰ ਸਿੰਘ ਜੋਸਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਕੀਤਾ ਜਾ ਰਿਹਾ ਹੈ। ਇਸ ਕਾਰਨ ਫਰੰਟ ਵੱਲੋਂ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਵੱਡੀ ਗਿਣਤੀ ਵਿਚ ਪਹੁੰਚੇ ਓਡੀਐਲ ਅਧਿਆਪਕਾਂ ਨੇ ਜਥੇਬੰਦੀ ਵੱਲੋਂ ਪੈਡਿੰਗ ਰੈਗੂਲਰ ਆਰਡਰ ਜਾਰੀ ਕਰਵਾਉਣ ਲਈ ਵਿੱਢੇ ਜਾਣ ਵਾਲੇ ਸੰਘਰਸ਼ ਵਿੱਚ ਪਰਿਵਾਰਾਂ ਸਣੇ ਹਿੱਸਾ ਬਣਨ ਦਾ ਭਰੋਸਾ ਦਿੱਤਾ। ਸਰਕਾਰੀ ਨੀਤੀਆਂ ਤੋਂ ਪੀੜਤ ਅਧਿਆਪਕਾਂ ਨੇ 13 ਮੈਂਬਰੀ ਕਮੇਟੀ ਦਾ ਗਠਨ ਕੀਤਾ। ਡੀਟੀਐਫ ਅਗਲੀ ਰਣਨੀਤੀ ਲਈ 19 ਨੂੰ ਸੂਬਾ ਸਕੱਤਰੇਤ ਦੀ ਮੀਟਿੰਗ ਦਾ ਫ਼ੈਸਲਾ ਕੀਤਾ ਗਿਆ।