ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 16 ਜਨਵਰੀ
ਨੇੜਲੇ ਪਿੰਡ ਕਾਉਂਕੇ ਕਲਾਂ ’ਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਕਰੀਬ ਡੇਢ ਦਹਾਕਾ ਪਹਿਲਾਂ ਇਕ ਅਨੁਸੂਚਿਤ ਜਾਤੀ ਨਾਲ ਸਬੰਧਤ ਪਰਿਵਾਰ ਨਾਲ ਕਥਿਤ ਪੁਲੀਸ ਤਸ਼ੱਦਦ ਦੇ ਮਾਮਲੇ ’ਚ 15 ਸਾਲ ਪਰਚਾ ਦਰਜ ਕਰਨ ’ਚ ਦੇਰੀ ਕਰਨ ਉਪਰੰਤ ਹੁਣ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਮਕਾਉਣ ਦੇ ਰੋਸ ਵਜੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੀ ਅਰਥੀ ਫੂਕੀ ਗਈ। ਮੁਜ਼ਾਹਰਾਕਾਰੀਆਂ ਦਾ ਦੋਸ਼ ਸੀ ਕਿ ਪੀੜਤ ਪਰਿਵਾਰ ਦੀ ਕੁਲਵੰਤ ਕੌਰ ਕਥਿਤ ਪੁਲੀਸ ਤਸ਼ੱਦਦ ਕਰਕੇ ਚੱਲਣ ਫਿਰਨ ਤੋਂ ਨਕਾਰਾ ਹੋ ਕੇ ਡੇਢ ਦਹਾਕਾ ਮੰਜੇ ਨਾਲ ਲੱਗੀ ਰਹੀ। ਅਖੀਰ ਪਿਛਲੇ ਦਿਨੀਂ ਜਦੋਂ ਉਹ ਦਮ ਤੋੜ ਗਈ ਤਾਂ ਪੁਲੀਸ ਨੇ ਇਸ ਮਾਮਲੇ ’ਚ ਡੀਐੱਸਪੀ ਗੁਰਿੰਦਰ ਸਿੰਘ ਬੱਲ, ਇਕ ਥਾਣੇਦਾਰ ਤੇ ਦੋ ਹੋਰਨਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਵੀ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ। ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲੀਸ ਗ੍ਰਿਫ਼ਤਾਰੀ ’ਚ ਦੇਰੀ ਕਰਕੇ ਮੁਲਜ਼ਮਾਂ ਨੂੰ ਬਚਾਅ ਦਾ ਮੌਕਾ ਦਿੰਦੀ ਪ੍ਰਤੀਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 26 ਜਨਵਰੀ ਨੂੰ ਥਾਣਾ ਸਿਟੀ ਜਗਰਾਉਂ ਅੱਗੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਜਾਵੇਗਾ।