ਰਾਜ ਸਭਾ ਵਿੱਚ ਖੇਤੀ ਬਿੱਲ ਪਾਸ ਹੋਣ ’ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ

ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ; ਕਿਸਾਨਾਂ ਵੱਲੋਂ ਪੰਜਾਬ ਬੰਦ ਲਈ ਲਾਮਬੰਦੀ; ਨੁੱਕੜ ਮੀਟਿੰਗਾਂ ਕਰਕੇ ਮੋਦੀ ਸਰਕਾਰ ਨੂੰ ਭੰਡਿਆ

ਰਾਜ ਸਭਾ ਵਿੱਚ ਖੇਤੀ ਬਿੱਲ ਪਾਸ ਹੋਣ ’ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ

ਕੁਹਾੜਾ ਚੌਕ ’ਚ ਖੇਤੀਬਾੜੀ ਆਰਡੀਨੈਂਸ ਦੀਆਂ ਕਾਪੀਆਂ ਸਾੜਦੇ ਹੋਏ ਕਿਸਾਨ ਆਗੂ।

ਸੰਤੋਖ ਗਿੱਲ 

ਗੁਰੂਸਰ ਸੁਧਾਰ, 20 ਸਤੰਬਰ

ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਵਿਚ ਕਿਸਾਨ ਵਿਰੋਧੀ ਖੇਤੀ ਬਿੱਲ ਪਾਸ ਹੋਣ ’ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੇ ਕਸਬਾ ਜੋਧਾਂ ਵਿਚ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੀ ਅਗਵਾਈ ਪ੍ਰਧਾਨ ਬਲਦੇਵ ਸਿੰਘ ਧੂਰਕੋਟ, ਸਕੱਤਰ ਅਮਰਜੀਤ ਸਿੰਘ ਸਹਿਜ਼ਾਦ ਅਤੇ ਬੂਟਾ ਸਿੰਘ ਸਰਾਭਾ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਅੱਜ ਕਿਸਾਨੀ ਦੀ ਤਬਾਹੀ ’ਤੇ ਮੋਹਰ ਲਾਈ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ। 

ਸਮਰਾਲਾ (ਡੀਪੀਐਸ ਬਤਰਾ): ਕੇਂਦਰ ਸਰਕਾਰ ਵੱਲੋਂ ਖੇਤੀ ਬਿਲ ਪਾਸ ਕਰਵਾਏ ਜਾਣ ਉਪਰੰਤ ਕਿਸਾਨਾਂ ਦਾ ਗੁੱਸਾ ਹੋਰ ਵੀ ਭੜਕ ਗਿਆ ਹੈ। ਕਿਸਾਨਾਂ ਨੇ ਪੰਜਾਬ ਭਰ ਵਿੱਚ ਧਰਨੇ ਅਤੇ ਪ੍ਰਦਰਸ਼ਨ ਸ਼ੁਰੂ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਅਤੇ ਆਰਡੀਨੈਂਸ ਦੀਆਂ ਕਾਪੀਆਂ ਸਾੜਦੇ ਹੋਏ ਇਹ ਬਿੱਲ ਰੱਦ ਕਰਨ ਦੀ ਮੰਗ ਕੀਤੀ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਵਾਪਸ ਲਏ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦੇ ਹੋਏ 25 ਸਤੰਬਰ ਨੂੰ ਪੰਜਾਬ ਸਮੇਤ ਗੁਆਂਢੀ ਸੂਬਿਆਂ ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਮੁਕੰਮਲ ਬੰਦ ਦਾ ਸੱਦਾ ਦਿੱਤਾ ਹੈ। 

ਜਗਰਾਉਂ (ਚਰਨਜੀਤ ਸਿੰਘ ਢਿੱਲੋਂ): ਅਮਰੀਕਾ ਵਰਗੇ ਪ੍ਰਗਤੀਸ਼ੀਲ ਮੁਲਕਾਂ ’ਚ ਬੁਰੀ ਤਰ੍ਹਾਂ ਫਲਾਪ ਰਹੇ ਖੇਤੀ ਆਰਡੀਨੈਂਸ ਨੂੰ ਲੋਕ ਰੋਹ ਦੀ ਪ੍ਰਵਾਹ ਕੀਤੇ ਬਿਨਾਂ ਪਾਸ ਕਰਨ ਅਤੇ ਧੱਕੇ ਨਾਲ ਭਾਰਤ ਦੇ ਕਿਸਾਨਾਂ ਸਿਰ ਥੋਪਣ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਹੈ। ਸਿੱਧਵਾਂ ਬੇਟ, ਹਠੂਰ, ਗਾਲਿਬ ਕਲਾਂ, ਭੂੰਦੜੀ, ਹੰਭੜ੍ਹਾਂ, ਕਮਾਲਪੁਰਾ ਆਦਿ ਬਲਾਕਾਂ ਅਤੇ ਵੱਡੇ ਪਿੰਡਾਂ ’ਚ ਬੀਕੇਯੂ (ਏਕਤਾ) ਡਕੌਂਦਾ, ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ (ਪੰਜਾਬ) ਬੀਕੇਯੂ ਲੱਖੋਵਾਲ, ਬੀਕੇਯੂ ਰਾਜੇਵਾਲ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਪੇਂਡੂ ਮਜ਼ਦੂਰ ਯੂਨੀਅਨ ਸਮੇਤ ਦਰਜਨ ਦੇ ਕਰੀਬ ਜਥੇਬੰਦੀਆਂ ਵੱਲੋੋਂ ਰੋਸ ਜ਼ਾਹਿਰ ਕੀਤਾ ਗਿਆ। ਲੁਧਿਆਣਾ-ਫਿਰੋਜ਼ਪੁਰ ਮਾਰਗ ਤੇ ਚੌਂਕੀਮਾਨ ਪੁਲ ਤੇ ਧਰਨਾ ਜਾਰੀ ਹੈ। 

ਪਾਇਲ (ਦਵਿੰਦਰ ਸਿੰਘ ਜੱਗੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ 30 ਕਿਸਾਨ ਜਥੇਬੰਦੀਆਂ ਵਲੋਂ ਐਲਾਨੇ ਪ੍ਰੋਗਰਾਮ ਤਹਿਤ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਪਟਿਆਲੇ ਚੱਲ ਰਹੇ ਧਰਨੇ ਵਿੱਚ ਪਹੁੰਚਣ ਤੋਂ ਪਹਿਲਾਂ ਪਿੰਡ ਘਲੋਟੀ, ਘਣਗਸ ਦੇ ਕਿਸਾਨਾਂ ਵਲੋਂ ਮੋਦੀ ਦੀ ਅਰਥੀ ਫੂਕੀ ਗਈ। ਇਸ ਮੌਕੇ ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ ਖੇਤਰ ਵਿੱਚ ਨਿੱਜੀਕਰਨ, ਵਪਾਰੀਕਰਨ ਤਹਿਤ ਕਿਸਾਨਾਂ ਨੂੰ ਤਬਾਹ ਕਰਨ ਦੀਆਂ ਨੀਤੀਆਂ ਜਾਣ-ਬੁਝ ਕੇ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨ ਜਾ ਰਹੀ ਹੈ। ਕੰਪਨੀਆਂ ਤੇ ਕਾਰਪੋਰੇਟਾਂ ਨੂੰ ਮਾਲੋਮਾਲ ਕਰਨ ’ਤੇ ਜ਼ੋਰ ਲਾਇਆ ਜਾ ਰਿਹਾ ਹੈ। ਇਸ ਵੇਲੇ ਰਵਨਦੀਪ ਸਿੰਘ, ਦਵਿੰਦਰ ਸਿੰਘ ਘਣਗਸ, ਬਲਵੰਤ ਸਿੰਘ ਘਣਗਸ, ਹਰਜੀਤ ਸਿੰਘ ਘਲੋਟੀ, ਝਿਲਮਲ ਸਿੰਘ, ਮੋਹਨ ਸਿੰਘ ਤੇ ਹੋਰ ਕਿਸਾਨ ਵੀ ਹਾਜ਼ਰ ਸਨ।

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਭਾਰਤੀ ਕਿਸਾਨ ਯੂਨੀਅਨ ਦੀਆਂ 30 ਜੱਥੇਬੰਦੀਆਂ ਨੇ ਕੇਂਦਰ ਵੱਲੋਂ ਖੇਤੀ ਸੋਧ ਬਿੱਲ ਰਾਜ ਸਭਾ ’ਚ ਪੇਸ਼ ਕਰਨ ’ਤੇ ਪੰਜਾਬ ਵਿਚ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਕੁਹਾੜਾ ਵਿਖੇ ਕੇਂਦਰ ਸਰਕਾਰ ਦੀ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਅਵਤਾਰ ਸਿੰਘ ਮੇਹਲੋਂ ਮੀਤ ਪ੍ਰਧਾਨ ਪੰਜਾਬ ਅਤੇ ਗੁਰਵਿੰਦਰ ਸਿੰਘ ਕੂੰਮਕਲਾਂ ਪ੍ਰੈਸ ਸਕੱਤਰ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। 

ਸੰਤ ਢੱਕੀ ਸਾਹਿਬ ਵਾਲਿਆਂ ਵੱਲੋਂ ਕਿਸਾਨਾਂ ਦੀ ਹਮਾਇਤ

ਪਾਇਲ (ਪੱਤਰ ਪ੍ਰੇਰਕ): ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਦੇ ਮੁਖੀ ਸੰਤ ਦਰਸ਼ਨ ਸਿੰਘ ਖ਼ਾਲਸਾ ਨੇ ਕਿਸਾਨਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਹੈ। ਤਪੋਬਣ ਢੱਕੀ ਸਾਹਿਬ ਦੇ ਸੇਵਾਦਾਰ ਭਾਈ ਗੁਰਦੀਪ ਸਿੰਘ ਰਾਹੀਂ ਭੇਜੇ ਸੁਨੇਹੇ ਵਿਚ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਜੋ ਕਿਸਾਨਾਂ ਵਿਰੁੱਧ ਖੇਤੀਬਾੜੀ ਆਰਡੀਨੈਂਸ ਪਾਸ ਕੀਤਾ ਗਿਆ ਹੈ ਇਹ ਕਿਸਾਨ ਮਾਰੂ ਆਰਡੀਨੈਂਸ ਹੈ ਇਸ ਨਾਲ ਕਿਸਾਨੀ ਤਬਾਹ ਹੋ ਜਾਵੇਗੀ ਤੇ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨਾਂ ਦਾ ਭਵਿੱਖ ਧੁੰਦਲਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਆਪਣਾ ਖੂਨ ਪਸੀਨਾ ਇੱਕ ਕਰਕੇ ਤੇ ਦਿਨ ਰਾਤ ਮਿਹਨਤ ਕਰਕੇ ਦੇਸ਼ ਦੇ ਲੋਕਾਂ ਲਈ ਅੰਨ ਪੈਦਾ ਕਰਦਾ ਹੈ ਅਜਿਹੇ ਵਿਚ ਕਿਸਾਨਾਂ ਲਈ ਰਾਹਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਰਥਿਕ ਪ੍ਰਸਥਿਤੀਆਂ ਦਾ ਸਾਹਮਣਾ ਕਰਦੇ ਹੋਏ ਭਾਰਤ ਦੇਸ਼ ਦੇ ਲੱਖਾਂ ਕਿਸਾਨ ਪਹਿਲਾਂ ਹੀ ਖ਼ੁਦਕੁਸ਼ੀਆਂ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਚੁੱਕੇ ਹਨ ਤੇ ਅਜੇ ਵੀ ਆਏ ਦਿਨੀ ਕਿਸਾਨਾਂ ਦੀਆਂ ਖ਼ੁਦਕੁਸ਼ੀ ਕਰਨ ਦੀਆਂ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਰਸਾਨੀ ਕਿੱਤੇ ਨੂੰ ਬਚਾਇਆ ਜਾਵੇ ਤੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਿਰਸਾਨੀ ਵਿਰੁੱਧ ਪਾਸ ਕੀਤਾ ਬਿੱਲ ਜਲਦੀ ਵਾਪਸ ਲਿਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All