ਸਤਵਿੰਦਰ ਬਸਰਾ
ਲੁਧਿਆਣਾ, 22 ਅਗਸਤ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਨਾਨ-ਟੀਚਿੰਗ ਮੁਲਾਜ਼ਮਾਂ ਨੇ ਪਿਛਲੇ ਕਰੀਬ ਇੱਕ ਸਾਲ ਤੋਂ ਪੇਅ-ਕਮਿਸ਼ਨ ਅਨੁਸਾਰ ਤਨਖਾਹ ਨਾ ਮਿਲਣ ਦੇ ਵਿਰੋਧ ਵਿੱਚ ਅੱਧੇ ਦਿਨ ਦਾ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਉਹ 29 ਅਗਸਤ ਨੂੰ ’ਵਰਸਿਟੀ ਦਾ ਪੂਰਾ ਕੰਮ ਠੱਪ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਅੱਜ ’ਵਰਸਿਟੀ ਦੇ ਪ੍ਰਬੰਧਕੀ ਬਲਾਕ ਵਿੱਚ ਰੋਸ ਪ੍ਰਦਰਸ਼ਨ ਕਰਦੇ ਨਾਨ-ਟੀਚਿੰਗ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਪੀਏਯੂ ਸਮੇਤ ਹੋਰ ਕਈ ਅਦਾਰਿਆਂ ਨੂੰ 1-7-2021 ਤੋਂ ਪੇਅ-ਕਮਿਸ਼ਨ ਅਨੁਸਾਰ ਤਨਖਾਹ ਅਤੇ ਬਕਾਇਆ ਮਿਲ ਚੁੱਕਾ ਹੈ ਪਰ ਉਨ੍ਹਾਂ ਨਾਲ ਅਜਿਹਾ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਹ ਪਿਛਲੇ ਕਰੀਬ ਸਾਲ ਤੋਂ ਅਧਿਕਾਰੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਤੱਕ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਅੱਧੇ ਦਿਨ ਦਾ ਰੋਸ ਪ੍ਰਦਰਸ਼ਨ ’ਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਨੂੰ ਜਗਾਉਣ ਲਈ ਕੀਤਾ ਗਿਆ ਹੈ। ਜੇ 29 ਅਗਸਤ ਤੋਂ ਪਹਿਲਾ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪੂਰੇ ਦਿਨ ਦੀ ਹੜਤਾਲ ਕਰਕੇ ’ਵਰਸਿਟੀ ਦਾ ਕੰਮਠੱਪ ਕਰ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ 29 ਅਗਸਤ ਦੇ ਪ੍ਰਦਰਸ਼ਨ ਤੋਂ ਬਾਅਦ ਵੀ ਕੋਈ ਸੁਣਵਾਈ ਨਾ ਹੋਈ ਤਾਂ ਮੁਲਾਜ਼ਮਾਂ ਨੂੰ ਮਜ਼ਬੂਰ ਹੋ ਕੇ ਸੜਕਾਂ ’ਤੇ ਆਉਣਾ ਪਵੇਗਾ।