ਗੁਰਿੰਦਰ ਸਿੰਘ
ਲੁਧਿਆਣਾ, 10 ਫਰਵਰੀ
ਕਾਰਖਾਨਾ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਅੱਜ ਇੱਥੇ ਰਾਜੀਵ ਗਾਂਧੀ ਕਲੋਨੀ ਦੇ ਵਸਨੀਕਾਂ ਵੱਲੋਂ ਨਗਰ ਨਿਗਮ ਦੇ ਸ਼ੇਰਪੁਰ ਸਥਿਤ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕਲੋਨੀ ਵਾਸੀਆਂ ਲਈ ਮੁੱਢਲੀਆਂ ਸਹੂਲਤਾਂ ਦੀ ਘਾਟ ਦੂਰ ਕੀਤੀ ਜਾਵੇ।
ਆਗੂਆਂ ਨੇ ਕਿਹਾ ਕਿ ਸੀਵਰੇਜ ਜਾਮ ਦੀ ਗੰਭੀਰ ਸਮੱਸਿਆ ਦਾ ਹੱਲ ਕੀਤਾ ਜਾਵੇ, ਪੀਣ ਵਾਲੇ ਪਾਣੀ ਦੀ ਸਪਲਾਈ ਬਹਾਲ ਕੀਤੀ ਜਾਵੇ ਅਤੇ ਪਾਣੀ ਦੀਆਂ ਟੁੱਟੀਆਂ ਪਾਈਪਾਂ ਠੀਕ ਕੀਤੀਆਂ ਜਾਣ। ਦੱਸਣਯੋਗ ਹੈ ਕਿ ਜਦੋਂ ਕਲੋਨੀ ਦੇ ਲੋਕ ਨਗਰ ਨਿਗਮ ਦਫ਼ਤਰ ਪਹੁੰਚੇ ਤਾਂ ਦਫ਼ਤਰ ਵਿੱਚ ਇੱਕ ਵੀ ਅਫ਼ਸਰ ਜਾਂ ਮੁਲਾਜ਼ਮ ਹਾਜ਼ਰ ਨਹੀਂ ਸੀ। ਕਾਫੀ ਇੰਤਜ਼ਾਰ ਤੋਂ ਬਾਅਦ ਪੁੱਜੇ ਜੇਈ ਨੂੰ ਮੰਗ ਪੱਤਰ ਸੌਂਪਿਆ ਗਿਆ। ਉਪਰੰਤ ਸੀਵਰੇਜ ਸਾਫ਼ ਕਰਨ ਅਤੇ ਟਿਊਬਵੈੱਲ ਠੀਕ ਕਰਨ ਦਾ ਕੰਮ ਚਾਲੂ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਰਾਜੀਵ ਗਾਂਧੀ ਕਲੋਨੀ ਵਿੱਚ ਸੀਵਰੇਜ ਜਾਮ ਹੈ। ਸ਼ਿਕਾਇਤਾਂ ਕਰਨ ਦੇ ਬਾਵਜੂਦ ਸਮੱਸਿਆ ਹੱਲ ਨਹੀਂ ਹੋਈ ਤਾਂ ਅੱਜ ਉਨ੍ਹਾਂ ਨੂੰ ਮਜਬੂਰਨ ਧਰਨਾ ਲਾਉਣਾ ਪਿਆ। ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਇਹ ਸਮੱਸਿਆਵਾਂ ਹੱਲ ਨਾ ਹੋਈਆਂ ਤਾਂ ਅਗਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਾਰਖਾਨਾ ਮਜ਼ਦੂਰ ਯੂਨੀਅਨ ਦੇ ਆਗੂਆਂ ਵਿਮਲਾ ਰਾਣੀ ਤੇ ਜਸਮੀਤ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਨਵਜੋਤ ਸਿੰਘ ਨੇ ਸੰਬੋਧਨ ਕੀਤਾ।