ਸਤਵਿੰਦਰ ਬਸਰਾ
ਲੁਧਿਆਣਾ, 10 ਸਤੰਬਰ
ਇਥੋਂ ਦੇ ਮੈਰੀਟੋਰੀਅਸ ਸਕੂਲ ਵਿੱਚ ਪਿਛਲੇ ਸੱਤ ਸਾਲਾਂ ਤੋਂ ਠੇਕੇ ’ਤੇ ਪੜ੍ਹਾਉਂਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਨ੍ਹਾਂ ਅਧਿਆਪਕਾਂ ਦਾ ਕਹਿਣਾ ਸੀ ਕਿ ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਦੌਰਾਨ ਇਨ੍ਹਾਂ ਅਧਿਆਪਕਾਂ ਨੇ ਰੋਸ ਵਜੋਂ ਕਾਲੇ ਚੋਲੇ ਵੀ ਪਾਏ।
ਮੈਰੀਟੋਰੀਅਸ ਸਕੂਲ ਅਧਿਆਪਕ ਯੂਨੀਅਨ ਦੇ ਮੀਤ ਪ੍ਰਧਾਨ ਅਮਰੀਸ਼ ਸ਼ਰਮਾ ਨੇ ਦੱਸਿਆ ਕਿ ਜੱਥੇਬੰਦੀ ਵੱਲੋਂ ਮੰਗਾਂ ਮਨਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਨਮ ਅਸ਼ਟਮੀ ਵਾਲੇ ਦਿਨ ਪਟਿਆਲਾ ਵਿਖੇ ਮੋਤੀ ਮਹਿਲ ਵੱਲ ਕੂਚ ਕੀਤਾ ਗਿਆ ਸੀ। ਇਸ ਦੌਰਾਨ ਪੁਲੀਸ ਲਾਠੀਚਾਰਜ ਵਿੱਚ ਕਈ ਅਧਿਆਪਕ ਜ਼ਖਮੀ ਵੀ ਹੋ ਗਏ ਸਨ। ਸ੍ਰੀ ਸ਼ਰਮਾ ਨੇ ਆਖਿਆ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਉਨ੍ਹਾਂ ਨੇ ਮੰਨਿਆ ਸੀ ਕਿ ਅਧਿਆਪਕਾਂ ਦੀ ਪੱਕੇ ਕਰਨ ਦੀ ਮੰਗ ਜਾਇਜ਼ ਹੈ ਅਤੇ ਇਸ ’ਤੇ ਜਲਦੀ ਕਾਰਵਾਈ ਕੀਤੀ ਜਾਵੇਗੀ ਪਰ ਹਾਲੇ ਤੱਕ ਇਨ੍ਹਾਂ ਅਧਿਆਪਕਾਂ ਨੂੰ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅੱਜ ਲੁਧਿਆਣਾ ਦੇ ਏਡੀਸੀ ਰਾਹੁਲ ਝਾਬਾ ਨੂੰ ਮੁੱਖ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਮੰਗ ਪੱਤਰ ਰਾਹੀਂ ਪਿਛਲੇ ਕਈ ਸਾਲਾਂ ਤੋਂ ਕੰਟਰੈਕਟ ’ਤੇ ਸੇਵਾਵਾਂ ਦੇ ਰਹੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਅਧਿਆਪਕਾਂ ਨੇ ਆਪਣੇ ਹੱਕਾਂ ਲਈ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਮੁਹੰਮਦ ਸ਼ਾਹਿਦ, ਕਰਮਜੀਤ ਕੌਰ, ਸਿਮਰਨਜੀਤ ਕੌਰ, ਰਿਚਾ ਕਪੂਰ, ਸ਼ੁਭਰਾ ਮਲਹੋਤਰਾ ਆਦਿ ਹਾਜ਼ਰ ਸਨ।