ਜਸਬੀਰ ਸ਼ੇਤਰਾ
ਜਗਰਾਉਂ, 3 ਨਵੰਬਰ
ਇੱਥੇ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਬੰਦੀ ਸਿੰਘਾਂ ਅਤੇ ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀਆਂ, ਸਿਆਸੀ ਤੇ ਸਮਾਜਿਕ ਕਾਰਕੁਨਾਂ, ਪੱਤਰਕਾਰਾਂ, ਲੇਖਕਾਂ ਆਦਿ ਦੀ ਰਿਹਾਈ ਲਈ ਅੱਜ ਇਥੇ ਕਿਰਤੀ ਕਿਸਾਨ ਯੂਨੀਅਨ ਨੇ ਸੂਬਾਈ ਸੱਦੇ ਤਹਿਤ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਕਾਰਕੁਨਾਂ ਵੱਲੋਂ ਝੋਨੇ ਦੇ ਸੀਜ਼ਨ ਦੇ ਜ਼ੋਰ ਦੇ ਬਾਵਜੂਦ ਬੱਸ ਅੱਡੇ ਤੋਂ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਸਾਧੂ ਸਿੰਘ ਅੱਚਰਵਾਲ, ਮਾਸਟਰ ਭਜਨ ਸਿੰਘ ਦੌਧਰ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਆੲਟੀਆਈ ਕਾਰਕੁਨ ਇਕਬਾਲ ਸਿੰਘ ਰਸੂਲਪੁਰ ਨੇ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੰਬਰ ’84 ਦੇ ਸਿੱਖ ਕਤਲੇਆਮ ਤੋਂ ਪੀੜਤ ਪਰਿਵਾਰ 38 ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ ਪਰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਆਰਐੱਸਐੱਸ-ਭਾਜਪਾ ਦੀ ਮੋਦੀ ਹਕੂਮਤ ਦੇਸ਼ ਅੰਦਰ ਧਾਰਮਿਕ ਘੱਟ ਗਿਣਤੀਆਂ, ਦਲਿਤਾਂ, ਕਮਿਊਨਿਸਟਾਂ, ਇਨਕਲਾਬੀਆਂ ਅਤੇ ਔਰਤਾਂ ਖ਼ਿਲਾਫ਼ ਆਪਣੇ ਹਿੰਦੀ ਹਿੰਦੂ ਹਿੰਦੋਸਤਾਨ ਦੇ ਏਜੰਡੇ ਤਹਿਤ ਜਬਰ ਕਰ ਰਹੀ ਹੈ। ਇਕ ਪਾਸੇ ਗੁਜਰਾਤ ਵਿੱਚ ਘੱਟ ਗਿਣਤੀ ਮੁਸਲਮਾਨਾਂ ਦੇ ਕਾਤਲ ਤੇ ਬਲਾਤਕਾਰੀਆਂ ਨੂੰ ਜੇਲ੍ਹਾਂ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਫੁੱਲ ਮਲਾਵਾਂ ਨਾਲ ਸਵਾਗਤ ਤੇ ਸਨਮਾਨ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਪੰਜਾਬ ਦਾ ਮਾਹੌਲ ਖਰਾਬ ਹੋਣ ਦਾ ਝੂਠਾ ਬਹਾਨਾ ਬਣਾ ਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਲੇਖਕਾਂ, ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਕਮਿਊਨਿਸਟ ਇਨਕਲਾਬੀਆਂ ਨੂੰ ਜੇਲ੍ਹੀਂ ਡੱਕ ਕੇ ਸਾੜਿਆ ਜਾ ਰਿਹਾ ਹੈ। ਜੀਐਨ ਸਾਈਬਾਬਾ ਕੇਸ ਵਿੱਚ ਵੀ ਲੋਕ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਹੈਰਾਨ ਹਨ। ਇਸ ਮੌਕੇ ਅਜੈਬ ਸਿੰਘ, ਗੁਰਚਰਨ ਸਿੰਘ, ਜਗਰੂਪ ਸਿੰਘ ਝੋਰੜਾਂ, ਨੀਲਾ ਫੇਰੂਰਾਈ ਹਾਜ਼ਰ ਸਨ।