ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਸਤੰਬਰ
ਪੰਜਾਬ ਪੁਲੀਸ ਨਸ਼ੇ ਦੇ ਆਦੀ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਨਸ਼ਾ ਮੁਕਤ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਦਾ ਡੋਪ ਟੈਸਟ ਕਰਾ ਕੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢਣ ਲਈ ਮੁਲਾਜ਼ਮਾਂ ਦੀ ਛਾਂਟੀ ਸ਼ੁਰੂ ਹੋ ਗਈ। ਐੱਸਐੱਸਪੀ ਦਯਾਮਾ ਹਰੀਸ਼ ਓਮ ਪ੍ਰਕਾਸ਼ ਅਨੁਸਾਰ 8 ਸਤੰਬਰ ਨੂੰ ਖੰਨਾ ਦੇ ਪ੍ਰਿਸਟਾਈਨ ਮਾਲ ਨੇੜੇ ਲੱਗੇ ਨਾਕੇ ਤੇ ਝਾਰਖੰਡ ਦੇ ਦੋ ਵਿਅਕਤੀਆਂ ਨੂੰ 1 ਕਿਲੋ 100 ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਇਨ੍ਹਾਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਮੁਲਜ਼ਮਾਂ ਨੇ ਪੁਲੀਸ ਮੁਲਾਜ਼ਮਾਂ ’ਤੇ ਅਫੀਮ ਦਾ ਕੁਝ ਹਿੱਸਾ ਚੋਰੀ ਕਰਨ ਅਤੇ ਉਨ੍ਹਾਂ ਦੇ ਸਾਹਮਣੇ ਖਾਣ ਦਾ ਖੁਲਾਸਾ ਕੀਤਾ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਚਾਰ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਉਹ ਪਾਜ਼ੇਟਿਵ ਆਏ, ਜਿਸ ਉਪਰੰਤ ਇਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ। ਡੀਐੱਸਪੀ (ਨਾਰਕੋਟਿਕਸ) ਹਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਜੇਕਰ ਡੋਪ ਟੈਸਟ ਦੀ ਰਿਪਰੋਟ ’ਚ ਆਏ ਨਸ਼ੀਲੇ ਕੈਮੀਕਲ ਦੀ ਅਗਲੀ ਜਾਂਚ ਤੋਂ ਇਹ ਸਾਫ ਹੋ ਜਾਂਦਾ ਹੈ ਕਿ ਇਹ ਨਸ਼ੇ ਦੀ ਵਰਤੋਂ ਕਰਦੇ ਹਨ ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਦਾ ਉਦੇਸ਼ ਪੁਲੀਸ ਨੂੰ ਨਸ਼ਾ ਮੁਕਤ ਕਰਨਾ ਹੈ।