ਗਗਨਦੀਪ ਅਰੋੜਾ
ਲੁਧਿਆਣਾ, 16 ਜੁਲਾਈ
ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਅੱਜ ਸਮੀਖਿਆ ਮੀਟਿੰਗ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੁਧਿਆਣਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਦੇਸ਼ ਵਿਚ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ ਵਿਚ ਸਭ ਤੋਂ ਅੱਗੇ ਆਉਣ ਲਈ ਪੰਜਾਬ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ।
ਉਹ ਅੱਜ ਸਥਾਨਕ ਬਚਤ ਭਵਨ ਵਿੱਚ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਸਪਾਂਸਰ ਕੀਤੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨਾਲ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸੁਰਿੰਦਰ ਡਾਵਰ ਅਤੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਨਿਗਮ ਕੌਂਸਲਰ ਮਮਤਾ ਆਸ਼ੂ ਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੋਂ ਇਲਾਵਾ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਸ਼ਾਮਲ ਹੋਏ। ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕਰਦਿਆਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਜਨਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣ ਲਈ ਵੀ ਕਿਹਾ।
ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖ਼ਾਸਕਰ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਰਾਹੋਂ ਰੋਡ ਨਾਲ ਜੁੜੇ ਮਸਲੇ ਨੂੰ ਪੱਕੇ ਤੌਰ ’ਤੇ ਹੱਲ ਕੀਤਾ ਜਾਵੇ ਕਿਉਂਕਿ ਇਹ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ।
ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਸੜਕਾਂ ਦੇ ਚੌੜਾ ਕਰਨ, ਮਨਰੇਗਾ, ਸਕੂਲਾਂ ਦਾ ਸੁੰਦਰੀਕਰਨ ਤੇ ਨਵੀਨੀਕਰਨ, ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ, ਰੇਲਵੇ ਨੂੰ ਸਮਰਪਿਤ ਫਰੇਟ ਕੋਰੀਡੋਰ ਦੀ ਸਥਿਤੀ, ਕਾਰਕਸ ਪਲਾਂਟ, ਡੇਅਰੀਆਂ ਦਾ ਸ਼ਿਫਟ ਕਰਨਾ, ਧਾਂਦਰਾ ਕਲੱਸਟਰ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ।