ਰਾਮ ਗੋਪਾਲ ਰਾਏਕੋਟੀ
ਰਾਏਕੋਟ, 7 ਜੁਲਾਈ
ਸਥਾਨਕ ਸ਼ਹਿਰ ਦੇ ਵਾਰਡ ਨੰਬਰ-5 ’ਚ ਪੈਂਦੇ ਮੁਹੱਲਾ ਪ੍ਰੇਮ ਨਗਰ ਦੇ ਲੋਕਾਂ ਦੀ ਗਲੀਆਂ-ਨਾਲੀਆਂ ਬਣਾਉਣ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਵੱਲੋਂ 40 ਲੱਖ ਦੇ ਕਰੀਬ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਐੱਮਪੀ ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਹਲਕਾ ਰਾਏਕੋਟ ’ਚ ਵੱਡੀ ਪੱਧਰ ਤੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜੋ ਕਿ ਆਉਂਦੇ ਸਮੇਂ ਦੌਰਾਨ ਹੋਰ ਵੀ ਤੇਜ ਹੋਣਗੇ। ਮੁਹੱਲਾ ਪ੍ਰੇਮ ਨਗਰ ਦੇ ਵਿਕਾਸ ਲਈ ਕਰੀਬ 40 ਲੱਖ ਰੁਪਏ ਦੀ ਰਾਸ਼ੀ ਰੱਖੀ ਗਈ, ਜਿਸ ਦੇ ਕੰਮਾਂ ਦੀ ਸ਼ੁਰੂਆਤ ਲਈ ਅੱਜ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਮੁਹੱਲੇ ’ਚ ਪੈਂਦੇ ਛੱਪੜ ਦੀ ਸਫਾਈ ਕਰਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਮੁਹੱਲੇ ’ਚ ਪੈਂਦੀ ਧਰਮਸ਼ਾਲਾ ਲਈ ਵੀ 3 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਵਿਧਾਇਕ ਢਿੱਲੋਂ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਮਾਛੀਵਾੜਾ (ਪੱਤਰ ਪੇ੍ਰਰਕ): ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੱਲੋਂ ਅੱਜ ਮਾਛੀਵਾੜਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਮਾਛੀਵਾੜਾ-ਰਾਹੋਂ ਰੋਡ ਤੋਂ ਰੋਪੜ ਰੋਡ ਨੂੰ ਮਿਲਦੀ ਫਿਰਨੀ ਦਾ ਕੰਮ ਪਿਛਲੇ ਕਾਫ਼ੀ ਸਮੇਂ ਤੋਂ ਰੁਕਿਆ ਹੋਇਆ ਸੀ। ਪਰ ਹੁਣ ਉਤੇ ਸੀਸੀ ਫਲੋਰਿੰਗ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਢਿੱਲੋਂ ਨੇ ਕਿਹਾ ਕਿ ਇਹ ਸੜਕ 30 ਲੱਖ ਰੁਪਏ ਦੀ ਲਾਗਤ ਨਾਲ ਇੱਕ ਹਫ਼ਤੇ ਅੰਦਰ ਮੁਕੰਮਲ ਹੋ ਜਾਵੇਗੀ। ਵਿਧਾਇਕ ਢਿੱਲੋਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਮੌਕੇ ਗੁਣਵੱਤਾ ਦਾ ਪੂਰਾ ਖਿਆਲ ਰੱਖਿਆ ਜਾਵੇ। ਇਸ ਮੌਕੇ ਕਾਂਗਰਸੀ ਆਗੂ ਕਰਨਵੀਰ ਸਿੰਘ ਢਿੱਲੋਂ, ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ, ਚੇਅਰਮੈਨ ਦਰਸ਼ਨ ਕੁਮਾਰ ਕੁੰਦਰਾ, ਚੇਅਰਮੈਨ ਸੁਖਵੀਰ ਸਿੰਘ ਪੱਪੀ, ਸਰਪੰਚ ਜਸਦੇਵ ਸਿੰਘ ਰੂੜੇਵਾਲ, ਕਾਰਜਸਾਧਕ ਅਫ਼ਸਰ ਪੁਸ਼ਪਿੰਦਰ ਕੁਮਾਰ, ਪੀਏ ਲਵੀ ਢਿੱਲੋਂ ਤੇ ਹੋਰ ਮੌਜੂਦ ਸਨ।