ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 29 ਜਨਵਰੀ
ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਨਤਮਸਤਕ ਹੋਏ। ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਪਾਰਟੀ ਦੀ ਜਿੱਤ ਤੇ ਚੜ੍ਹਦੀਕਲਾ ਲਈ ਸ੍ਰੀ ਸੁਖਮਨੀ ਸਾਹਿਬ ਪਾਠਾਂ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ। ਉਪਰੰਤ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਾ ਹੈ ਅਤੇ ਇਹ 20 ਦਿਨ ਵਰਕਰ ਤੇ ਆਗੂ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਤਾਂ ਜੋ ਜਿੱਤ ਨਿਸ਼ਚਿਤ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਵਿਚ ਛਿੜਿਆ ਕਾਟੋ-ਕਲੇਸ਼ ਇਸ ਪਾਰਟੀ ਨੂੰ ਲੈ ਡੁੱਬੇਗਾ ਜਦਕਿ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਦਾ ਚਿਹਰਾ ਹੁਣ ਲੋਕਾਂ ਅੱਗੇ ਬੇਨਕਾਬ ਹੋ ਚੁੱਕਿਆ ਹੈ। ਇਸ ਮੌਕੇ ਇਕੱਤਰ ਹੋਏ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਪਰਮਜੀਤ ਢਿੱਲੋਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੀ ਚੋਣ ਮੁਹਿੰਮ ਲਈ ਦਿਨ-ਰਾਤ ਇੱਕ ਕਰ ਦੇਣਗੇ ਅਤੇ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ ਮੌਜੂਦ ਸਨ।