ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ
ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਦੀ ਇਕੱਤਰਤਾ ਅੱਜ ਇੱਥੇ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਇਕਜੁੱਟਤਾ ਕਰਨ ਅਤੇ ਬਿਜਲੀ ਬਿੱਲ 2025, ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ, ਨਿੱਜੀਕਰਨ ਦੀ ਨੀਤੀ ਦੇ ਵਿਰੋਧ ਵਿਚ ਮੰਡਲ ਪੱਧਰ ’ਤੇ ਸਾਂਝੀਆਂ ਰੈਲੀਆਂ ਕਰਨ ਅਤੇ ਖਰੜੇ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਹੈ। ਹਰਮੇਸ਼ ਸਿੰਘ, ਹਰਿੰਦਰ ਸਿੰਘ ਹੈਰੀ ਅਤੇ ਇਸ਼ਾਨ ਬਾਂਸਲ ਇਸ ਇਕੱਠ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਹੋਰ ਲੋਕ ਕੇਂਦਰ ਸਰਕਾਰ ਦੇ ਉਦਾਰੀਕਰਨ, ਸੰਸਾਰੀਕਰਨ, ਨਿੱਜੀਕਰਨ ਦੀ ਨੀਤੀ ਦਾ ਵਿਰੋਧ ਕਰਨ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ, ਬਿਜਲੀ ਬਿੱਲ-2025 ਦੀ ਤਜਵੀਜ਼ ਰੱਦ ਕਰਵਾਉਣ, ਠੇਕੇਦਾਰੀ ਸਿਸਟਮ ਬੰਦ ਕਰਵਾਉਣ, ਵੱਖ-ਵੱਖ ਅਦਾਰਿਆਂ ਵਿਚ ਪੱਕੀ ਭਰਤੀ ਕਰਨ, ਚਾਰ ਲੇਬਰ ਕੋਡ ਖਤਮ ਕਰਨ ਅਤੇ ਟਰਾਂਸਕੋ ਦੀਆਂ ਜ਼ਮੀਨਾਂ ਸਸਤੇ ਭਾਅ ’ਤੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਦੇਣ ਲਈ ਵੇਚਣ ਦੇ ਫੈਸਲੇ ਦਾ ਵਿਰੋਧ ਕਰਨ ਲਈ ਵਿਸ਼ਾਲ ਰੈਲੀਆਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਬਿਧੀ ਚੰਦ, ਜਗਦੇਵ ਸਿੰਘ, ਕਰਤਾਰ ਚੰਦ, ਬਲਵੀਰ ਸਿੰਘ, ਪਰਮਿੰਦਰ ਸਿੰਘ, ਅਭਿਸ਼ੇ ਕੋਹਰਾ, ਮਨਦੀਪ ਸਿੰਘ, ਕੁਲਦੀਪ ਸਿੰਘ ਆਦਿ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਪਰੋਕਤ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ।
