
ਗਗਨਦੀਪ ਅਰੋੜਾ
ਲੁਧਿਆਣਾ, 24 ਅਪਰੈਲ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਬੈਂਸ ਭਰਾਵਾਂ ਦੇ ਹੁਣ ਭਾਜਪਾ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਸੂਤਰ ਦੱਸਦੇ ਹਨ ਕਿ ਦੋਵੇਂ ਭਰਾ ਭਾਜਪਾ ਦੇ ਕੇਂਦਰੀ ਆਗੂਆਂ ਦੇ ਸੰਪਰਕ ’ਚ ਹਨ ਤੇ ਗੱਲਬਾਤ ਦਾ ਦੌਰ ਚੱਲ ਰਿਹਾ ਹੈ। ਆਉਣ ਵਾਲੀਆਂ ਨਿਗਮ ਚੋਣਾਂ ਤੇ ਲੋਕ ਸਭਾ ਚੋਣਾਂ ’ਚ ਦੋਵੇਂ ਭਾਜਪਾ ਦਾ ਪੱਲਾ ਫੜ ਕੇ ਚੋਣ ਲੜ ਸਕਦੇ ਹਨ। ਅਗਲੇ ਹਫ਼ਤੇ ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ’ਚ ਇਸ ਸਬੰਧੀ ਐਲਾਨ ਹੋ ਸਕਦਾ ਹੈ।
ਉਧਰ, ਇਨ੍ਹਾਂ ਸਾਰੀਆਂ ਚਰਚਾਵਾਂ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੈ ਜਿਸ ਤੋਂ ਬਾਅਦ ਫ਼ੈਸਲਾ ਕੀਤਾ ਜਾਵੇਗਾ ਕਿ ਉਹ ਕਿਸ ਪੰਜਾਬ ਹਿਤੈਸ਼ੀ ਪਾਰਟੀ ਨਾਲ ਗੱਠਜੋੜ ਕਰਨਗੇ ਜਾਂ ਫਿਰ ਆਪਣਾ ਸਮਰਥਨ ਦੇਣਗੇ। ਉਹ ਕਈ ਵੱਡੀਆਂ ਪਾਰਟੀਆਂ ਦੇ ਆਗੂਆਂ ਨਾਲ ਸੰਪਰਕ ’ਚ ਹਨ।
ਦੱਸ ਦੇਈਏ ਕਿ ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਸਭ ਤੋਂ ਪਹਿਲਾਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨਾਲ ਰਾਜਸੀ ਸਫ਼ਰ ਸ਼ੁਰੂ ਕੀਤਾ ਸੀ, ਫਿਰ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ। 2012 ’ਚ ਅਕਾਲੀ ਦਲ ਵੱਲੋਂ ਚੋਣਾਂ ਦੌਰਾਨ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਬੈਂਸ ਭਰਾਵਾਂ ਨੇ ਪਾਰਟੀ ਛੱਡ ਦਿੱਤੀ ਸੀ। ਬਾਅਦ ’ਚ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਆਜ਼ਾਦ ਚੋਣ ਲੜੀ ਤੇ ਜਿੱਤ ਪ੍ਰਾਪਤ ਕੀਤੀ। ਬੈਂਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕ ਇਨਸਾਫ਼ ਪਾਰਟੀ ਬਣਾਈ ਤੇ ਆਮ ਆਦਮੀ ਪਾਰਟੀ ਨਾਲ ਗੱਠਜੋੜ ਵੀ ਕੀਤਾ, ਪਰ ਉਹ ਸਿਰਫ਼ ਆਪਣੀਆਂ 2 ਸੀਟਾਂ ਹੀ ਬਚਾ ਸਕੇ। ਇਸ ਵਾਰ 2022 ਦੀਆਂ ਚੋਣਾਂ ਉਹ ਇਕੱਲੇ ਲੜੇ ਸਨ ਪਰ ਝਾੜੂ ਦੀ ਲਹਿਰ ਅੱਗੇ ਟਿਕ ਨਹੀਂ ਸਕੇ ਤੇ ਸਾਰੀਆਂ ਸੀਟਾਂ ਹਾਰ ਗਏ।
ਜਬਰ-ਜਨਾਹ ਕੇਸ ’ਚ ਜ਼ਮਾਨਤ ’ਤੇ ਹਨ ਸਿਮਰਜੀਤ ਬੈਂਸ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜਨਾਹ ਦੇ ਮਾਮਲੇ ’ਚ ਜ਼ਮਾਨਤ ਮਿਲੀ ਹੋਈ ਹੈ। ਬੈਂਸ ਨੇ ਪਹਿਲਾਂ ਸੈਸ਼ਨ ਕੋਰਟ ’ਚ ਜ਼ਮਾਨਤ ਅਰਜ਼ੀ ਲਾਈ ਸੀ, ਜਿੱਥੋਂ ਅਰਜ਼ੀ ਰੱਦ ਹੋਣ ਮਗਰੋਂ ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਰਾਹਤ ਮਿਲੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ