ਹਾੜ੍ਹੀ ਦੀਆਂ ਫ਼ਸਲਾਂ ਬਾਰੇ ਵਿਚਾਰ-ਚਰਚਾ
ਅੱਜ ’ਵਰਸਿਟੀ ਵਿੱਚ ਪੀ ਏ ਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕੀਤੀ। ਡਾ. ਭੁੱਲਰ ਨੇ ਪਸਾਰ ਮਾਹਿਰਾਂ ਨੂੰ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਜ਼ਮੀਨੀ ਪੱਧਰ ’ਤੇ ਜਾਗਰੂਕ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਯੂਨੀਵਰਸਿਟੀ ਵੱਲੋਂ ਜਾਰੀ ਸਿਫ਼ਾਰਸ਼ਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹੜ੍ਹਾਂ ਦੀ ਮਾਰ ਹੇਠ ਆਏ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਫਾਜ਼ਿਲਕਾ ਅਤੇ ਪਟਿਆਲਾ ਵਿੱਚ ਕਿਸਾਨਾਂ ਨੂੰ ਕਣਕ ਅਤੇ ਸਰ੍ਹੋਂ ਦੇ ਬੀਜ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਖੇਤ ਵਿੱਚ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਲੋੜੀਂਦੀ ਮਸ਼ੀਨਰੀ ਸਹਿਕਾਰੀ ਸਭਾਵਾਂ ਅਤੇ ਕਿਸਾਨ ਨਿਰਮਾਤਾ ਸੰਗਠਨਾਂ ਤੋਂ ਲੈ ਕੇ ਸਧਾਰਨ ਕਿਸਾਨ ਵੀ ਬਿਨਾਂ ਪਰਾਲੀ ਸਾੜੇ ਆਪਣੇ ਖੇਤ ਅਗਲੀ ਫਸਲ ਲਈ ਤਿਆਰ ਕਰ ਸਕਦੇ ਹਨ। ਡਾ. ਭੁੱਲਰ ਨੇ ਕਿਹਾ ਕਿ ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੋਸ਼ਿਸ਼ ਲਗਾਤਾਰ ਜਾਰੀ ਰਹਿਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਨੂੰ ਕਾਰੋਬਾਰ ਵਿੱਚ ਬਦਲਣ ਦਾ ਸੁਪਨਾ ਸਿਖਲਾਈ ਅਤੇ ਖੇਤੀ ਉੱਦਮ ਦੇ ਰਸਤੇ ਚਲ ਕੇ ਪੂਰਾ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਪਿਛਲੀ ਕਾਰਵਾਈ ਰਿਪੋਰਟ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਨੇ ਪੇਸ਼ ਕੀਤੀ। ਡਾ. ਸੋਢੀ ਨੇ ਇਸ ਦੌਰਾਨ ਚਲੰਤ ਖੇਤੀ ਮਸਲਿਆਂ ਦੇ ਹੱਲ ਲਈ ਯੂਨੀਵਰਸਿਟੀ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ। ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦਾ ਖੇਤੀ ਸਾਹਿਤ ਕਿਸਾਨਾਂ ਤੱਕ ਪਹੁੰਚਾਉਣ ਲਈ ਕੋਈ ਵੀ ਕਸਰ ਨਹੀਂ ਛੱਡਣੀ ਚਾਹੀਦੀ। ਇਸ ਮੀਟਿੰਗ ਵਿਚ ਪੀ ਏ ਯੂ ਦੇ ਵੱਖ-ਵੱਖ ਵਿਭਾਗਾਂ ਦੇ ਮਾਹਿਰਾਂ ਤੋਂ ਬਿਨਾਂ ਕ੍ਰਿਸ਼ੀ ਵਿਗਿਆਨ ਕੇਂਦਰਾਂ, ਕਿਸਾਨ ਸਲਾਹ ਸੇਵਾ ਕੇਂਦਰਾਂ ਅਤੇ ਖੇਤਰੀ ਖੋਜ ਕੇਂਦਰਾਂ ਦੇ ਵਿਗਿਆਨੀ ਭਰਪੂਰ ਗਿਣਤੀ ਵਿੱਚ ਮੌਜੂਦ ਸਨ।
