ਖੇਤਰੀ ਪ੍ਰਤੀਨਿਧ
ਲੁਧਿਆਣਾ, 21 ਅਗਸਤ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਹੋਈ ਸੂਬਾ ਕਾਰਜਕਾਰਨੀ ਦੀ ਮੀਟਿੰਗ ’ਚ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਇਹ ਵੀ ਐਲਾਨ ਕੀਤਾ ਕਿ ਜਥੇਬੰਦੀ ਦੀ ਸੂਬਾਈ ਜਥੇਬੰਦਕ ਕਾਨਫਰੰਸ 2 ਅਕਤੂਬਰ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ, ਮੋਗਾ ਵਿੱਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਦੌਰਾਨ ਬਾਕੀ ਰਹਿੰਦੇ ਜ਼ਿਲ੍ਹਿਆਂ ਦੇ ਡੈਲੀਗੇਟ ਇਜਲਾਸ ਕਰ ਕੇ ਨਵੇਂ ਜ਼ਿਲ੍ਹਾ ਪੱਧਰੀ ਆਗੂਆਂ ਦੀ ਚੋਣ ਕੀਤੀ ਜਾਵੇਗੀ। ਇਸ ਮੀਟਿੰਗ ’ਚ ਸੂਬਾ ਚੇਅਰਮੈਨ ਰਣਬੀਰ ਸਿੰਘ ਢਿੱਲੋਂ, ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਏਟਕ ਦੇ ਸੂਬਾਈ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਯੂਨੀਅਨਾਂ ਤੋਂ ਚਰਨ ਸਿੰਘ ਸਰਾਭਾ, ਰਣਜੀਤ ਸਿੰਘ ਰਾਣਵਾਂ, ਕਰਤਾਰ ਸਿੰਘ ਪਾਲ, ਸੁਖਦੇਵ ਸਿੰਘ ਸੁਰਤਾਲਪੁਰੀ ਅਤੇ ਮੇਲਾ ਸਿੰਘ ਪੁੰਨਾਂਵਾਲਾ, ਸੁਰਿੰਦਰ ਕੁਮਾਰ ਪੁਆਾਰੀ, ਪ੍ਰਵੀਨ ਕੁਮਾਰ, ਬਲਕਾਰ ਵਲਟੋਹਾ, ਪ੍ਰੇਮ ਚਾਵਲਾ, ਗੁਰਪ੍ਰੀਤ ਸਿੰਘ ਮੰਗਵਾਲ, ਗੁਰਜੰਟ ਸਿੰਘ ਕੋਕਰੀ ਕਲਾਂ, ਰਣਦੀਪ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ, ਸਕੀਮ ਵਰਕਰਾਂ ਤੇ ਘੱਟੋ ਘੱਟ ਉਜ਼ਰਤਾਂ ਦਾ ਕਾਨੂੰਨ ਵੀ ਲਾਗੂ ਨਹੀਂ ਕੀਤਾ ਜਾ ਰਿਹਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਮਹਿੰਗਾਈ ਭੱਤੇ ਦੀਆਂ ਦੋਵੇਂ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ, ਪੰਜਾਬ ਦੇ ਛੇਵੇਂ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਅਤੇ ਰਹਿੰਦਾ ਬਕਾਇਆ ਜਾਰੀ ਕਰਨ ਵੱਲ ਵੀ ਕੋਈ ਕਦਮ ਨਹੀਂ ਪੁੱਟਿਆ ਜਾ ਰਹਾ। ਮੀਟਿੰਗ ’ਚ ਫੈਸਲਾ ਹੋਇਆ ਕਿ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੇ ਪੈਨਸ਼ਨਰ ਤੇ ਮੁਲਾਜ਼ਮ ਵਿਰੋਧੀ ਵਤੀਰੇ ਖਿਲਾਫ 28 ਅਗਸਤ ਨੂੰ ਵੱਖ-ਵੱਖ ਮੰਤਰੀਆਂ ਦੀਆਂ ਰਿਹਾਇਸ਼ਾਂ ’ਤੇ ਰੋਸ ਪੱਤਰ ਦੇਣ ਦੇ ਉਲੀਕੇ ਗਏ ਐਕਸ਼ਨ ਪ੍ਰੋਗਰਾਮ ’ਚ ਪੰਜਾਬ ਸੁਬਾਰਡੀਨੇਟ ਸਰਵਸਿਜ਼ 1680 ਸੈਕਟਰ, 22, ਚੰਡੀਗੜ੍ਹ ਨਾਲ ਸਬੰਧਤ ਜਥੇਬੰਦੀਆਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਭਰਵੀਂ ਸ਼ਮੂਲੀਅਤ ਕਰਨਗੇ।