ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਸਤੰਬਰ
ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਨਾਮਜ਼ਦ ਹੋਏ ਸੰਜੀਵ ਅਰੋੜਾ ਨੇ ਅੱਜ ਪੀਏਯੂ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਸ੍ਰੀ ਅਰੋੜਾ ਨੇ ਪੀਏਯੂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ। ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਸ੍ਰੀ ਅਰੋੜਾ ਦਾ ਸਵਾਗਤ ਕੀਤਾ।
ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਕਿਹਾ ਕਿ ਪੀਏਯੂ ਨੇ ਖੇਤੀ ਖੋਜ, ਅਕਾਦਮਿਕ ਅਤੇ ਪਸਾਰ ਦੇ ਖੇਤਰ ਵਿੱਚ ਇਤਿਹਾਸਕ ਕਾਰਜ ਕੀਤਾ ਹੈ ਅਤੇ ਇਸ ਕਾਰਜ ਦੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਕੱਪੜਾ ਉਦਯੋਗ ਦਾ ਧੁਰਾ ਹੈ। ਚੰਗਾ ਹੋਵੇ ਜੇਕਰ ਕਿਸਾਨਾਂ ਅਤੇ ਮਾਹਿਰਾਂ ਦੇ ਨਾਲ ਉਦਯੋਗਿਕ ਸੰਪਰਕ ਵੀ ਜੋੜ ਲਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਇਹ ਪਤਾ ਲੱਗ ਜਾਵੇ ਕਿ ਬਜ਼ਾਰ ਦੀ ਮੰਗ ਕੀ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਅਤੇ ਜੈਵਿਕ ਉਤਪਾਦ ਅੱਜ ਹਰ ਵਿਅਕਤੀ ਦੀ ਲੋੜ ਹਨ। ਇਸ ਦਿਸ਼ਾ ਵਿੱਚ ਵੀ ਯੂਨੀਵਰਸਿਟੀ ਨੂੰ ਠੋਸ ਕਾਰਜ ਕਰਨੇ ਚਾਹੀਦੇ ਹਨ। ਰਾਜ ਸਭਾ ਮੈਂਬਰ ਨੇ ਇਸ ਗੱਲ ਦਾ ਭਰੋਸਾ ਦਿਵਾਇਆ ਕਿ ਉਹ ਪੀਏਯੂ ਦੀਆਂ ਲੋੜਾਂ ਅਤੇ ਮੰਗਾਂ ਬਾਬਤ ਹਰ ਸੰਭਵ ਕੋਸ਼ਿਸ਼ ਕਰਨਗੇ। ਇੱਥੋਂ ਤੱਕ ਕਿ ਉਹ ਰਾਜ ਸਭਾ ਵਿੱਚ ਵੀ ਪੀਏਯੂ ਦੀ ਆਵਾਜ਼ ਬਣਨਗੇ। ਸ਼੍ਰੀ ਅਰੋੜਾ ਨੇ ਅਜਾਇਬ ਘਰ ਅਤੇ ਹੋਰ ਮਸਲਿਆਂ ਬਾਰੇ ਇੱਕ ਤਜਵੀਜ਼ ਬਣਾ ਕੇ ਭੇਜਣ ਲਈ ਕਿਹਾ ਤਾਂ ਜੋ ਉਸ ਉੱਪਰ ਠੋਸ ਕਾਰਵਾਈ ਹੋ ਸਕੇ। ਸ੍ਰੀ ਸੰਜੀਵ ਅਰੋੜਾ ਨੇ ਬਾਅਦ ਵਿੱਚ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਫਸਲ ਅਜਾਇਬ ਘਰ ਦਾ ਦੌਰਾ ਕੀਤਾ। ਇਸ ਮੌਕੇ ਪੀ.ਏ.ਯੂ. ਦੇ ਡੀਨ, ਡਾਇਰੈਕਟਰ, ਵਿਭਾਗਾਂ ਦੇ ਮੁਖੀ ਅਤੇ ਹੋਰ ਅਧਿਕਾਰੀਆਂ ਤੋਂ ਬਿਨਾਂ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਮੌਜੂਦ ਸਨ।