ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਰਨਜੀਤ ਕੌਰ ਈਸੜੂ ਦਾ ਸਨਮਾਨ
ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਸਡੀਐਮ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਹੇਠ ਨਾਇਬ ਤਹਿਸੀਲਦਾਰ ਖੰਨਾ ਮਨਪ੍ਰੀਤ ਸਿੰਘ, ਪਟਵਾਰੀ ਅਮਿਤ ਗਰਗ, ਕੁਲਵੀਰ ਸਿੰਘ, ਵੀਰਾਜ ਦੀਪ ਤੇ ਸੰਤ ਰਾਮ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਪਤਨੀ ਬੀਬੀ ਚਰਨਜੀਤ ਕੌਰ ਦਾ ਪਿੰਡ ਬੜੌਲਾ ਤਹਿਸੀਲ ਤੇ ਜ਼ਿਲ੍ਹਾ ਅੰਬਾਲਾ, ਹਰਿਆਣਾ ਵਿੱਚ ਪਹੁੰਚ ਕੇ ਸਨਮਾਨ ਕੀਤਾ।
ਦੱਸਣਯੋਗ ਹੈ ਕਿ ਬੀਬੀ ਚਰਨਜੀਤ ਕੌਰ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਪਿੰਡ ਈਸੜੂ ਵਿੱਚ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ’ਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ ਜਿਸ ਕਰਕੇ ਉਨ੍ਹਾਂ ਦੀ ਰਿਹਾਇਸ਼ ਪਿੰਡ ਬੜੋਲਾ, ਹਰਿਆਣਾ ਵਿੱਚ ਪਹੁੰਚ ਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਨਾਇਬ ਤਹਿਸੀਲਦਾਰ ਖੰਨਾ ਮਨਪ੍ਰੀਤ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਹਰ ਸਾਲ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾ ਕੇ ਉਨ੍ਹਾਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦਾ ਨਾਇਕ ਸੀ। ਇਸ ਮਹਾਨ ਸ਼ਹੀਦ ਦਾ ਜੀਵਨ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।