ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਜੁਲਾਈ
ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਉਜਾਗਰ ਸਿੰਘ ਬੱਦੋਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕੇਂਦਰੀ ਹਕੂਮਤ ਦੇ ਐਲਾਨ ਦੀ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਗਿਆ। ਅੱਜ ਦੀ ਮੀਟਿੰਗ ਨੂੰ ਜਥੇਬੰਦੀ ਦੇ ਆਗੂਆਂ ਜਸਦੇਵ ਸਿੰਘ ਲਲਤੋਂ, ਕੁਲਦੀਪ ਸਿੰਘ ਐਡਵੋਕੇਟ, ਹਰਦੇਵ ਸਿੰਘ ਸੁਨੇਤ, ਬੀਬੀ ਜਸਬੀਰ ਕੌਰ ਜੋਧਾਂ ਤੇ ਸੁਖਦੇਵ ਸਿੰਘ ਕਿਲਾ ਰਾਏਪੁਰ ਨੇ ਸੰਬੋਧਨ ਕੀਤਾ। ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਅਤੇ ਵੱਖਰੀ ਹਾਈ ਕੋਰਟ ਲਈ ਜਗ੍ਹਾ ਮੰਗ ਕੇ, ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਨਿਖੇਧੀ ਕੀਤੀ ਤੇ ਇਸ ਨੂੰ ਫੌਰੀ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਤੋਂ ਫੌਰੀ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਕੇਂਦਰੀ ਫ਼ੈਸਲੇ ਨੂੰ ਰੱਦ ਕਰਨ ਅਤੇ ਪੂਰਾ ਚੰਡੀਗੜ੍ਹ ਤੁਰੰਤ ਪੰਜਾਬ ਦੇ ਹਵਾਲੇ ਕਰਨ ਦਾ ਮਤਾ ਪਾਸ ਕਰਨ ਦੀ ਹੱਕੀ ਮੰਗ ਕੀਤੀ ਹੈ।